ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਮੀਂਹ ਦਾ ਅਮਲ ਰੁਕ ਗਿਆ ਹੈ। ਅਕਤੂਬਰ ਵਿੱਚ ਵੀ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪਾਰਾ ਹੋਰ ਵਧ ਸਕਦਾ ਹੈ। ਹਾਲਾਂਕਿ, ਸ਼ਨੀਵਾਰ ਨੂੰ ਉੱਤਰੀ ਭਾਰਤ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਦਸਿਆ ਜਾ ਰਿਹਾ ਹੈ ਕਿ ਰਾਜਧਾਨੀ ਦਿੱਲੀ ਸਮੇਤ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ‘ਚ ਸ਼ਨੀਵਾਰ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਭਾਰੀ ਮੀਂਹ ਤੋਂ ਇਨਕਾਰ ਕੀਤਾ ਹੈ। ਆਓ ਜਾਣਦੇ ਹਾਂ ਆਉਣ ਵਾਲੇ ਦਿਨਾਂ ਵਿੱਚ ਤੁਹਾਡੇ ਸ਼ਹਿਰ ਦਾ ਮੌਸਮ ਕਿਹੋ ਜਿਹਾ ਰਹੇਗਾ। ਕਿਹਾ ਜਾ ਰਿਹਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਇੱਥੇ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁੜਗਾਓਂ ਅਤੇ ਫਰੀਦਾਬਾਦ ਵਿੱਚ ਵੀ ਇਹੀ ਸਥਿਤੀ ਸੀ। ਆਈਐਮਡੀ ਦੇ ਅਨੁਸਾਰ, ਸ਼ਨੀਵਾਰ ਨੂੰ ਦਿੱਲੀ-ਐਨਸੀਆਰ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਇੱਥੇ ਸਖ਼ਤ ਗਰਮੀ ਹੋਵੇਗੀ। ਇੱਥੇ ਵੱਧ ਤੋਂ ਵੱਧ ਤਾਪਮਾਨ 42.27 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25.54 ਡਿਗਰੀ ਸੈਲਸੀਅਸ ਹੋ ਸਕਦਾ ਹੈ। ਅਜਿਹਾ ਹੀ ਮੌਸਮ 4 ਤੋਂ 6 ਅਕਤੂਬਰ ਤੱਕ ਜਾਰੀ ਰਹੇਗਾ।