ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੀ ਸਾਂਝੀ ਮੀਟਿੰਗ ਐਤਵਾਰ ਨੂੰ ਖਨੌਰੀ ਸਰਹੱਦ ਵਿਖੇ ਹੋਈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 22 ਜੁਲਾਈ ਨੂੰ ਦਿੱਲੀ ਦੇ ਕਾਂਸਟੀਚਿਊਸ਼ਨਲ ਕਲੱਬ ਵਿਖੇ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਵਿੱਚ ਦੇਸ਼ ਭਰ ਵਿੱਚੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਪੁੱਜਣਗੇ। ਇਸ ਦੇ ਨਾਲ ਹੀ ਪ੍ਰਸਿੱਧ ਖੇਤੀ ਮਾਹਿਰ ਵੀ ਸ਼ਿਰਕਤ ਕਰਨਗੇ। ਕਾਨਫਰੰਸ ਵਿੱਚ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰੀ ਨੁਮਾਇੰਦੇ ਝੂਠਾ ਪ੍ਰਚਾਰ ਕਰ ਰਹੇ ਹਨ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਨਾਲ ਬਜਟ ਤੇ ਕਰੀਬ 17.5 ਲੱਖ ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਕਨਵੈਨਸ਼ਨ ਰਾਹੀਂ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਤੋਂ ਵਾਅਦਾ ਨਿਭਾਉਣ ਅਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਲਈ ਇੱਕ ਪ੍ਰਾਈਵੇਟ ਬਿੱਲ ਸੰਸਦ ਵਿੱਚ ਲਿਆਉਣ ਦੀ ਮੰਗ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਸਵਾਮੀਨਾਥਨ ਰਿਪੋਰਟ ਅਨੁਸਾਰ ਉਨ੍ਹਾਂ ਦੀਆਂ ਫ਼ਸਲਾਂ ਦੇ ਭਾਅ ਤੈਅ ਕਰਨ ਸਬੰਧੀ ਸੰਸਦ ਵਿੱਚ ਆਵਾਜ਼ ਉਠਾ ਕੇ ਕੇਂਦਰ ’ਤੇ ਦਬਾਅ ਬਣਾਉਣਾ ਚਾਹੀਦਾ ਹੈ। ਡੱਲੇਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘੇਰਾਓ ਕਰਨ ਸਬੰਧੀ ਕਿਸਾਨਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ।