ਮਾਨ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਮਹਿੰਦੀ ਦੀ ਰਸਮ ਤੋਂ ਬਾਅਦ ਅੱਜ ਸ਼ਾਮ ਨੂੰ ਜਾਗੋ ਦਾ ਪ੍ਰੋਗਰਾਮ ਹੋਵੇਗਾ। ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ। ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ।

ਦਸ ਦੇਈਏ ਕਿ ਅਨਮੋਲ ਗਗਨ ਮਾਨ ਇੱਕ ਪੰਜਾਬੀ ਗਾਇਕਾ ਸਨ। ਉਨ੍ਹਾਂ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਸਿਆਸਤ ਸ਼ੁਰੂ ਕੀਤੀ। 2022 ਵਿੱਚ ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ। ਅਨਮੋਲ ਗਗਨ ਮਾਨ ਨੂੰ 78273 ਵੋਟਾਂ ਮਿਲੀਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਸਰਕਾਰ ਵਿੱਚ ਮੰਤਰੀ ਬਣਾਇਆ ਗਿਆ। ਉਹ ਪੰਜਾਬ ਸਰਕਾਰ ਵਿੱਚ ਸੈਰ ਸਪਾਟਾ ਵਿਭਾਗ ਸੰਭਾਲ ਰਹੇ ਹਨ। ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਟੂਰਿਸਟ ਸਮਿਟ ਦਾ ਆਯੋਜਨ ਕੀਤਾ ਸੀ। ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ।