ਪੰਜਾਬ ਦੇ ਮਸ਼ਹੂਰ ਅਮਰੂਦ ਬਾਗ ਘੁਟਾਲੇ ਮਾਮਲੇ ‘ਚ ਇਕ ਹੋਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਲਾਂਕਿ ਮੁਲਜ਼ਮ ਨੇ ਵਿਜੀਲੈਂਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਅਮਰੂਦ ਦੇ ਬਾਗਾਂ ਦਾ ਮੁਆਵਜ਼ਾ ਜਾਰੀ ਕਰਨ ਦੇ ਘੁਟਾਲੇ ਵਿੱਚ ਭਗੌੜੇ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੇ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰ ਦਿੱਤਾ। 137 ਕਰੋੜ ਰੁਪਏ ਦੇ ਅਮਰੂਦ ਦੇ ਬਾਗ ਘੁਟਾਲੇ ਦੇ ਮਾਮਲੇ ਵਿੱਚ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਕੁੱਲ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਨੇ ਮੁਲਜ਼ਮ ਜਸਕਰਨ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਹੋਇਆ ਸੀ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਈਡੀ ਜਲੰਧਰ ਦੇ ਸਹਾਇਕ ਡਾਇਰੈਕਟਰ ਨੇ ਇਸ ਮਾਮਲੇ ਵਿੱਚ 66 ਮੁਲਜ਼ਮਾਂ ਅਤੇ ਕਿਸਾਨਾਂ ਨੂੰ ਸੰਮਨ ਜਾਰੀ ਕੀਤੇ ਸਨ। ਈਡੀ ਵੱਲੋਂ ਫੜੇ ਜਾਣ ਦੇ ਡਰੋਂ ਭਗੌੜੇ ਨਾਇਬ ਤਹਿਸੀਲਦਾਰ ਨੇ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਕੇ ਸਖ਼ਤ ਕਾਰਵਾਈ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ।
ਵਿਜੀਲੈਂਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਨੇ ਅਮਰੂਦ ਦੇ ਬਾਗਾਂ ਲਈ ਮੁਆਵਜ਼ਾ ਰਾਸ਼ੀ ਦਾ ਖਾਕਾ ਤਿਆਰ ਕੀਤਾ ਸੀ। ਇਸ ਵਿੱਚ ਗਮਾਡਾ ਦੇ ਸੀਨੀਅਰ ਅਧਿਕਾਰੀਆਂ ਦੀ ਸ਼ਹਿ ’ਤੇ ਕਈ ਫਰਜ਼ੀ ਮੁਆਵਜ਼ੇ ਵੀ ਜਾਰੀ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਮੁਲਜ਼ਮ ਨੇ ਵਿਜੀਲੈਂਸ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ।