ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਗੁਰਿੰਦਰਪਾਲ ਸਿੰਘ ਔਜਲਾ ਦੀ ਪਟੀਸ਼ਨ ‘ਤੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ। ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਪਟੀਸ਼ਨ ‘ਤੇ ਅਗਲੀ ਸੁਣਵਾਈ 5 ਨਵੰਬਰ ਨੂੰ ਹੋਵੇਗੀ।

ਦਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ਵਿੱਚ ਬੰਦ ਔਜਲਾ ਨੂੰ ਮਾਰਚ ਵਿੱਚ ਇੱਕ ਵੱਖਰੀ ਬੈਰਕ ਵਿੱਚ ਭੇਜ ਦਿੱਤਾ ਗਿਆ ਸੀ। ਔਜਲਾ ਨੇ ਆਪਣੇ ਕੇਸ ਦੀ ਸੁਣਵਾਈ ਵਿੱਚ ਤੇਜ਼ੀ ਲਿਆਉਣ ਦੀ ਵੀ ਬੇਨਤੀ ਕੀਤੀ ਹੈ, ਤਾਂ ਜੋ ਉਹ ਆਪਣੀ ਪਤਨੀ ਤੇ ਧੀ, ਜੋ ਯੂਕੇ ਦੀਆਂ ਨਾਗਰਿਕ ਹਨ, ਕੋਲ ਵਾਪਸ ਜਾ ਸਕੇ। ਦੋਵੇਂ ਬ੍ਰਿਟੇਨ ‘ਚ ਇਕੱਲੇ ਰਹਿ ਰਹੀਆਂ ਹਨ।
ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਵਸਨੀਕ ਔਜਲਾ ਨੂੰ ਪੰਜਾਬ ਪੁਲਿਸ ਨੇ 20 ਮਾਰਚ, 2023 ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਸੀ ਤੇ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਸ ਨੇ 25 ਸਤੰਬਰ ਨੂੰ ਅਧਿਕਾਰੀਆਂ ਨੂੰ ਸ਼ਿਕਾਇਤ ਕਰਕੇ ਜੇਲ੍ਹ ਤਬਦੀਲ ਕਰਨ ਦੀ ਮੰਗ ਕੀਤੀ ਸੀ। ਉਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਕੇਸ ਤੋਂ ਇਲਾਵਾ ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।