ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸਿਰਫ ਸਹੁੰ ਚੁੱਕਣ ਲਈ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਜਾਵੇਗਾ। ਪੈਰੋਲ ਦੀਆਂ ਸ਼ਰਤਾਂ ਅਨੁਸਾਰ ਉਨ੍ਹਾਂ ਨੂੰ ਦਿੱਲੀ ਵਿੱਚ ਹੀ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਹਾਲੇ ਤੱਕ ਉਨ੍ਹਾਂ ਨੂੰ ਪ੍ਰੋਗਰਾਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਪਰਿਵਾਰ ਦਿੱਲੀ ਪਹੁੰਚ ਗਿਆ ਹੈ।
ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨ ਬਾਅਦ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਰਹੇ ਹਨ ਅਤੇ ਇੱਕ ਦਿਨ ਬਾਹਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਪੈਰੋਲ ਵਿੱਚ 4 ਦਿਨਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਸੁਰੱਖਿਆ ਤੋਂ ਲੈਕੇ ਉਨ੍ਹਾਂ ਨੂੰ ਲਿਆਉਣ ਤੱਕ, ਰਹਿਣ ਅਤੇ ਵਾਪਸ ਲੈ ਕੇ ਜਾਣ ਦੀ ਜ਼ਿੰਮੇਵਾਰੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੂੰ ਸੌਂਪੀ ਗਈ ਹੈ।
ਦਸ ਦੇਈਏ ਕਿ ਅੰਮ੍ਰਿਤਪਾਲ ਨੂੰ 5 ਜੁਲਾਈ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਜਾਵੇਗਾ, ਜਿੱਥੇ ਉਹ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਬਾਅਦ ਸਿੱਧਾ ਡਿਬਰੂਗੜ੍ਹ ਜੇਲ੍ਹ ਵਾਪਸ ਲਿਜਾਇਆ ਜਾਵੇਗਾ। ਪੈਰੋਲ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ ਪਰਿਵਾਰ ਨੂੰ ਮਿਲ ਸਕਣਗੇ ਪਰ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ‘ਤੇ ਰੋਕ ਰਹੇਗੀ।