ਅੱਜ ਹੋਵੇਗੀ ਮੋਦੀ 3.0 ਕੈਬਨਿਟ ਦੀ ਪਹਿਲੀ ਬੈਠਕ, ਲਏ ਜਾ ਸਕਦੇ ਵੱਡੇ ਫੈਸਲੇ

ਨਰਿੰਦਰ ਮੋਦੀ ਨੇ 9 ਜੂਨ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਸਹੁੰ ਚੁਕਾਈ। ਉਨ੍ਹਾਂ ਤੋਂ ਬਾਅਦ 71 ਕੇਂਦਰੀ ਮੰਤਰੀਆਂ ਨੇ ਵੀ ਸਹੁੰ ਚੁੱਕੀ। ਸਹੁੰ ਚੁੱਕਣ ਦੇ ਨਾਲ ਹੀ ਕੇਂਦਰ ਵਿੱਚ NDA ਦੀ ਸਰਕਾਰ ਬਣ ਗਈ ਹੈ। ਅਜਿਹੇ ਵਿੱਚ ਨਵੀਂ ਬਣੀ NDA ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਸ਼ਾਮ 5 ਵਜੇ ਹੋਣ ਦੀ ਸੰਭਾਵਨਾ ਹੈ। ਮੀਟਿੰਗ ‘ਚ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਮੋਦੀ ਨੇ ਆਪਣੀ ਕੇਂਦਰੀ ਮੰਤਰੀ ਪ੍ਰੀਸ਼ਦ ਨੂੰ ‘ਨੌਜਵਾਨਾਂ ਅਤੇ ਤਜ਼ਰਬੇ ਦਾ ਵਧੀਆ ਮਿਸ਼ਰਣ’ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਦਾ ਹਿੱਸਾ ਬਣਨ ਵਾਲੇ ਵਿਸ਼ਵ ਭਰ ਤੋਂ ਆਏ ਵਿਸ਼ੇਸ਼ ਮਹਿਮਾਨਾਂ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ 140 ਕਰੋੜ ਦੇਸ਼ਵਾਸੀਆਂ ਦੀ ਸੇਵਾ ਕਰਨ ਅਤੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਣ ਦੀ ਵਚਨਬੱਧਤਾ ਵੀ ਪ੍ਰਗਟਾਈ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦਾ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਜੀ ਵਾਰ ਸਹੁੰ ਚੁੱਕਦੇ ਹੋਏ ਭਾਰਤ ਅਤੇ ਵਿਦੇਸ਼ਾਂ ਤੋਂ ਤਕਰੀਬਨ ਅੱਠ ਹਜ਼ਾਰ ਲੋਕਾਂ ਨੇ ਦੇਖਿਆ। ਸਹੁੰ ਚੁੱਕ ਸਮਾਗਮ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਸਹਿਯੋਗੀਆਂ ਨੂੰ ਵਧਾਈ ਦਿੱਤੀ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, NDA ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸਾਰੇ ਸਹਿਯੋਗੀਆਂ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੰਤਰੀਆਂ ਦੀ ਇਸ ਟੀਮ ਵਿੱਚ ਨੌਜਵਾਨਾਂ ਦੇ ਜੋਸ਼ ਅਤੇ ਤਜ਼ਰਬੇ ਦਾ ਸ਼ਾਨਦਾਰ ਸੁਮੇਲ ਹੈ। ਅਸੀਂ ਆਪਣੇ ਸਾਰੇ ਦੇਸ਼ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਨ੍ਹਾਂ ਨੇ ਅੱਗੇ ਲਿਖਿਆ, ਮੈਂ ਦੁਨੀਆ ਭਰ ਦੇ ਉਨ੍ਹਾਂ ਵਿਸ਼ੇਸ਼ ਮਹਿਮਾਨਾਂ ਦਾ ਵੀ ਤਹਿ ਦਿਲੋਂ ਧੰਨਵਾਦੀ ਹਾਂ ਜੋ ਸਹੁੰ ਚੁੱਕ ਸਮਾਗਮ ਦਾ ਹਿੱਸਾ ਸਨ। ਵਿਸ਼ਵ ਭਰਾ ਹੋਣ ਦੇ ਨਾਤੇ, ਭਾਰਤ ਹਮੇਸ਼ਾ ਆਪਣੇ ਨਜ਼ਦੀਕੀ ਭਾਈਵਾਲਾਂ ਨਾਲ ਮਨੁੱਖਤਾ ਦੇ ਹਿੱਤ ਵਿੱਚ ਕੰਮ ਕਰੇਗਾ।

Advertisement