ਪਟਿਆਲਾ ਵਿਚ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਇੱਥੇ ਡੀਸੀ ਦਫਤਰ ਮੂਹਰੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨੇ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਿਲ ਹੋਏ ਹਨ। ਇਸ ਘਟਨਾ ਵਿਚ ਉਨ੍ਹਾਂ ਦਾ ਪੁੱਤਰ ਅੰਗਦ ਸਿੰਘ ਵੀ ਜ਼ਖ਼ਮੀ ਹੋ ਗਿਆ ਸੀ।

ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਰੇ 12 ਮੁਲਜ਼ਮਾਂ ਦੇ ਖਿਲਾਫ ਨਾਮ ਸਮੇਤ ਸ਼ਿਕਾਇਤ ਦਰਜ ਨਹੀਂ ਹੋ ਜਾਂਦੀ। ਸਾਨੂੰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ‘ਤੇ ਭਰੋਸਾ ਨਹੀਂ ਹੈ ਅਤੇ ਇਹ ਸਾਰੇ ਦੋਸ਼ੀ 6 ਮਹੀਨਿਆਂ ਬਾਅਦ ਆਪਣੇ ਅਹੁਦਿਆਂ ‘ਤੇ ਵਾਪਸ ਆ ਜਾਣਗੇ ਅਤੇ ਕਿਸੇ ਬੇਕਸੂਰ ਨੂੰ ਨੁਕਸਾਨ ਪਹੁੰਚਾਉਣਗੇ, ਇਸ ਲਈ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਦੋਸ਼ੀ ਪੁਲਿਸ ਵਾਲਿਆਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਦੇ ਤਬਾਦਲੇ ਦੇ ਮੰਗ ਨੇ ਵੀ ਜ਼ੋਰ ਫੜ ਲਿਆ ਹੈ।