ਕੇਂਦਰ ਸਰਕਾਰ ਨੇ ਅੱਜ ਕਈ ਯੋਜਨਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਲਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਚ ਕੇਂਦਰੀ ਮੰਤਰੀ ਮੰਡਲ ਨੇ 3 ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਅੱਜ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਤੇ ਹੋਰ ਭਲਾਈ ਸਕੀਮਾਂ ਤਹਿਤ ਮੁਫ਼ਤ ਚੌਲਾਂ ਦੀ ਸਪਲਾਈ ਜੁਲਾਈ, 2024 ਤੋਂ ਦਸੰਬਰ, 2028 ਤੱਕ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਰਹੱਦੀ ਖੇਤਰਾਂ ‘ਚ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਜ਼ੋਰ ਦਿੱਤਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਮੰਤਰੀ ਮੰਡਲ ਨੇ 4,406 ਕਰੋੜ ਰੁਪਏ ਦੇ ਨਿਵੇਸ਼ ਨਾਲ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ 2,280 ਕਿਲੋਮੀਟਰ ਸੜਕਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਵੈਸ਼ਨਵ ਨੇ ਕਿਹਾ ਕਿ ਗੁਜਰਾਤ ਦੇ ਲੋਥਲ ਵਿੱਚ ਇੱਕ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ ਵਿਕਸਤ ਕੀਤਾ ਜਾਵੇਗਾ। ਕੈਬਨਿਟ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦਾ ਉਦੇਸ਼ ਅਮੀਰ ਅਤੇ ਵਿਭਿੰਨ ਸਮੁੰਦਰੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨਾ ਅਤੇ ਦੁਨੀਆ ਦਾ ਸਭ ਤੋਂ ਵੱਡਾ ਸਮੁੰਦਰੀ ਵਿਰਾਸਤੀ ਕੰਪਲੈਕਸ ਬਣਾਉਣਾ ਹੈ