ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਾਸੀ ਪਿੰਡ ਪਾਸੀਆ ਥਾਣਾ ਰਮਦਾਸ ਥਾਣਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ । ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ ਵਿੱਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲੀ ਹੈ।
ਦਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਘਟਨਾ ਦੇ ਦੋ ਦਿਨ ਪਹਿਲਾਂ ਉਸੇ ਆਟੋ ਰਾਹੀਂ ਬੰਗਲੇ ਦੀ ਰੇਕੀ ਕੀਤੀ ਸੀ, ਜਿਸ ਵਿੱਚ ਸਵਾਰ ਹੋ ਕੇ ਉਹ ਹਮਲਾ ਕਰਨ ਆਏ ਸਨ। ਪੁਲਿਸ ਨੇ ਉਸ ਇਲਾਕੇ ਦੀ CCTV ਰਿਕਾਰਡਿੰਗ ਵੀ ਜ਼ਬਤ ਕਰ ਲਈ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਖਿਲਾਫ਼ ਆਰਮਜ਼ ਤੇ UAPA ਸਣੇ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।