ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਉਦਯੋਗ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਦੇ ਹੋਏ ਸਰਕਾਰ ਨੂੰ ਪਾਰਟੀਆਂ, ਸੰਸਥਾਵਾਂ ਅਤੇ ਹੋਰਾਂ ਤੋਂ ਇਸ ਦੇ ਖਰਚੇ ਵਸੂਲਣ ਦਾ ਸੁਝਾਅ ਦਿੱਤਾ ਹੈ। ਪੰਜਾਬ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹੁਣ ਹਰਿਆਣਾ ਤੇ ਚੰਡੀਗੜ੍ਹ ਨੂੰ ਵੀ ਧਿਰ ਬਣਾਇਆ ਹੈ ਤੇ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਦਰਅਸਲ 2019 ਵਿੱਚ, ਇੱਕ ਅਪਰਾਧਿਕ ਮਾਮਲੇ ਵਿੱਚ ਇੱਕ ਗਵਾਹ ਨੂੰ ਸੁਰੱਖਿਆ ਦਿੱਤੀ ਗਈ ਸੀ। ਹੁਣ ਤੱਕ ਇਸ ਮਾਮਲੇ ਵਿੱਚ ਸਿਰਫ਼ ਇੱਕ ਗਵਾਹੀ ਹੋਈ ਹੈ। ਜਦੋਂ ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਹਾਈ ਕੋਰਟ ਪੁੱਜੀ ਤਾਂ ਅਦਾਲਤ ਨੇ ਕਿਹਾ ਸੀ ਕਿ ਸਟੇਟਸ ਸਿੰਬਲ ਦੀ ਖ਼ਾਤਰ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ। ਟੈਕਸਦਾਤਾਵਾਂ ਦੇ ਪੈਸੇ ਦੀ ਵਰਤੋਂ ਕਰਕੇ ਰਾਜ ਦੀ ਕੀਮਤ ‘ਤੇ ਕੋਈ ਵਿਸ਼ੇਸ਼ ਅਧਿਕਾਰ ਪ੍ਰਾਪਤ ਵਰਗ ਪੈਦਾ ਨਹੀਂ ਕੀਤਾ ਜਾ ਸਕਦਾ। ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਹਲਫ਼ਨਾਮਾ ਦਾਇਰ ਕਰਕੇ 2013 ਦੀ ਸੁਰੱਖਿਆ ਨੀਤੀ ਬਾਰੇ ਪੁੱਛਿਆ ਸੀ।
ਹਲਫ਼ਨਾਮਾ ਵਿੱਚ ਇਹ ਕਿਹਾ ਗਿਆ ਸੀ ਕਿ ਜਿਨ੍ਹਾਂ ਨੂੰ ਸੁਰੱਖਿਆ ਦਿੱਤੀ ਗਈ ਹੈ, ਉਨ੍ਹਾਂ ਦੀ ਸਮੀਖਿਆ ਦੀ ਮਿਆਦ ਕਿੰਨੀ ਹੈ। ਇਹ ਵੀ ਪੁੱਛਿਆ ਗਿਆ ਸੀ ਕਿ ਇਸ ਸਮੇਂ ਵੱਖ-ਵੱਖ ਸ਼੍ਰੇਣੀਆਂ ਤਹਿਤ ਕਿੰਨੇ ਸੁਰੱਖਿਆ ਮੁਲਾਜ਼ਮ ਤਾਇਨਾਤ ਹਨ, ਜਿਨ੍ਹਾਂ ਵਿੱਚ ਵੀ.ਆਈ.ਪੀ., ਵੀ.ਵੀ.ਆਈ.ਪੀ., ਆਮ ਨਾਗਰਿਕ ਸ਼ਾਮਲ ਹਨ। ਕਿੰਨੇ ਲੋਕਾਂ ਨੂੰ ਅਦਾਇਗੀ ‘ਤੇ ਸੁਰੱਖਿਆ ਦਿੱਤੀ ਗਈ ਹੈ ਅਤੇ ਕਿੰਨੇ ਨੂੰ ਰਾਜ ਦੇ ਖਰਚੇ ‘ਤੇ। ਇਸ ਮਾਮਲੇ ‘ਚ ਡੀਜੀਪੀ ਦੇ ਹਲਫ਼ਨਾਮੇ ‘ਚ ਸੁਰੱਖਿਆ ਲਈ ਖਰਚਾ ਲੈਣ ਦਾ ਕੋਈ ਜ਼ਿਕਰ ਨਹੀਂ ਸੀ, ਜਿਸ ‘ਤੇ ਹਾਈਕੋਰਟ ਨੇ ਹੈਰਾਨੀ ਪ੍ਰਗਟਾਈ।