ਡਾ. ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮੁਆਫ਼ੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਸਿੰਘ ਸਾਹਿਬਾਨ ਖ਼ਿਲਾਫ਼ ਦਿੱਤੇ ਬਿਆਨ ਲਈ ਮੁਆਫ਼ੀ ਮੰਗੀ ਹੈ। ਇਸ ਦੌਰਾਨ ਡਾ. ਚੀਮਾ ਨੇ ਕਿਹਾ ਹੈ ਕਿ ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ। ਜੇਕਰ ਅਜਿਹਾ ਹੋਇਆ ਹੈ ਤਾਂ ਉਹ ਪਾਰਟੀ ਦੀ ਤਰਫੋਂ ਇਸ ਲਈ ਮੁਆਫ਼ੀ ਮੰਗਦੇ ਹਨ।

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਨੂੰ ਹਮੇਸ਼ਾ ਹੀ ਅਕਾਲੀ ਦਲ ਨੇ ਮੰਨਿਆ ਹੈ ਅਤੇ ਅਗਾਹ ਵੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੇ ਡੱਟ ਕੇ ਪਹਿਰਾ ਦੇਵੇਗੀ । ਉਨ੍ਹਾਂ ਸਾਰੀ ਪਾਰਟੀ ਦੇ ਮੈਂਬਰਾਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਜੇਕਰ ਕੋਈ ਵੀ ਸਿੰਘ ਸਹਿਬਾਨ ਨੂੰ ਅਪਸ਼ਬਦ ਬੋਲੇਗਾ ਤਾਂ ਪਾਰਟੀ ਉਸ ਨਾਲ ਸਖ਼ਤੀ ਨਾਲ ਪੇਸ਼ ਆਵੇਗੀ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਇਹ ਯਕੀਨ ਦਵਾਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਸਾਹਿਬਾਨ ਨਾਲ ਹੈ ਅਤੇ ਹਮੇਸ਼ਾ ਹੀ ਨਾਲ ਖੜ੍ਹੀ ਰਹੇਗੀ

ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੇ ਮਾਮਲੇ ‘ਚ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਉਸ ਨੂੰ ਮੰਨਣ ਦਾ ਤੁਰੰਤ ਐਲਾਨ ਕਰ ਦਿੱਤਾ ਸੀ , ਉੱਥੇ ਹੀ ਵਲਟੋਹਾ ਵੱਲੋਂ ਭੇਜੇ ਅਸਤੀਫ਼ੇ ਨੂੰ ਵੀ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਲਗਾਤਾਰ ਵਿਰੋਧੀ ਪਾਰਟੀਆਂ ਘੜ ਰਹੀਆਂ ਹਨ। ਜਿਸ ਦਾ ਨਤੀਜਾ ਅੱਜ ਸਾਰਿਆਂ ਸਾਹਮਣੇ ਹੈ

Advertisement