ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੀਐੱਮ ਕੇਜਰੀਵਾਲ ਨੂੰ ਲਗਾਤਾਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਥਿਤ ਸ਼ਰਾਬ ਨੀਤੀ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ਦੀ ਪਾਲਣਾ ਨਾ ਕਰਨ ‘ਤੇ ਈਡੀ ਦੀ ਦੂਜੀ ਸ਼ਿਕਾਇਤ ‘ਤੇ ਅਰਵਿੰਦ ਕੇਜਰੀਵਾਲ ਨੂੰ ਨਵਾਂ ਸੰਮਨ ਜਾਰੀ ਕੀਤਾ ਹੈ।
ਦਸ ਦੇਈਏ ਕਿ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਦੀ ਅਦਾਲਤ ਨੇ ਵੀਰਵਾਰ ਨੂੰ ਮਾਮਲੇ ਦੀ ਸੁਣਵਾਈ ਤੈਅ ਕੀਤੀ ਹੈ। ਈਡੀ ਨੇ ਇਸ ਤੋਂ ਪਹਿਲਾਂ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਉਨ੍ਹਾਂ ਨੂੰ ਜਾਰੀ ਕੀਤੇ ਪਹਿਲੇ ਤਿੰਨ ਸੰਮਨਾਂ ‘ਤੇ ਪੇਸ਼ ਨਾ ਹੋਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਉਣ ਦੀ ਮੰਗ ਕਰਨ ਲਈ ਇੱਕ ਸਥਾਨਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਅਦਾਲਤ ਨੇ ਇਸ ਕੇਸ ਦੀ ਸੁਣਵਾਈ 16 ਮਾਰਚ ਲਈ ਸੂਚੀਬੱਧ ਕਰ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਡੀ ਦੇ ਇਨ੍ਹਾਂ ਸਾਰੇ ਅੱਠ ਸੰਮਨਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਅਤੇ ਆਖਰੀ ਵਾਰ ਸੰਘੀ ਏਜੰਸੀ ਨੂੰ ਸੂਚਿਤ ਕੀਤਾ ਸੀ ਕਿ 12 ਮਾਰਚ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਉਸ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।