ਨਹੀਂ ਰਹੇ ਬਾਪੂ ਸੂਰਤ ਸਿੰਘ ਖਾਲਸਾ

ਬਾਪੂ ਸੂਰਤ ਸਿੰਘ ਖਾਲਸਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਦੁਨੀਆਂ ਨੂੰ ਅਲਵਿਦਾ ਆਖ ਦਿਤਾ ਹੈ। ਉਨ੍ਹਾਂ ਨੇ ਬੰਦੀ ਸਿੰਘਾਂ ਲਈ ਹੁਣ ਤੱਕ ਦੀ ਸਭ ਤੋਂ ਲੰਮੀ ਲੜਾਈ ਲੜੀ ਸੀ। ਬਾਪੂ ਸੂਰਤ ਸਿੰਘ ਖਾਲਸਾ ਵਜੋਂ ਜਾਣੇ ਜਾਂਦੇ ਸਿੱਖ ਕਾਰਕੁੰਨ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਨੇ 16 ਜਨਵਰੀ 2015 ਨੂੰ 82 ਸਾਲ ਦੀ ਉਮਰ ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ।

ਇਸ ਦੌਰਾਨ ਉਨ੍ਹਾਂ ਨੂੰ ਇੱਕ ਨੱਕ ਰਾਹੀਂ ਹੀ ਭੋਜਨ ਦਿੱਤਾ ਜਾਂਦਾ ਸੀ। ਇਸ ਵਰਤ ਦੌਰਾਨ ਉਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਬਿਤਾਇਆ। ਸੂਰਤ ਸਿੰਘ ਖਾਲਸਾ ਦੇ ਮਰਨ ਵਰਤ ਦਾ ਮਕਸਦ ਪੰਜਾਬ ਅਤੇ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਸੀ ਜੋ ਆਪਣੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਨ। ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਕੀਤੀ ਗਈ ਭਾਵੁਕ ਅਪੀਲ ਤੋਂ ਬਾਅਦ ਸੂਰਤ ਸਿੰਘ ਖਾਲਸਾ ਨੇ ਆਪਣੇ 90ਵੇਂ ਜਨਮ ਦਿਨ ਤੋਂ ਠੀਕ ਪਹਿਲਾਂ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਸੀ।

Advertisement