ਖਾਲਸਾ ਪੰਥ ਦੇ ਪਾਵਨ ਅਸਥਾਨ, ਗੁਰੂ ਕੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸਿੱਖ ਪਰੰਪਰਾਵਾਂ, ਸਿੱਖੀ ਸਿਧਾਂਤਾਂ ਤੇ ਪੂਰੀ ਤਰ੍ਹਾਂ ਖਾਲਸਾਈ ਜਾਹੋ ਜਲਾਲ ਨਾਲ ਹੋਲੇ ਮਹੱਲੇ ਦੀ ਅਰੰਭਤਾ ਹੋ ਗਈ। ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ’ਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਅਰਦਾਸ ਕਰ ਕੇ ਜੈਕਾਰਿਆਂ ਦੀ ਗੂੰਜ ਵਿਚ ਹੋਲੇ ਮਹੱਲੇ ਦੀ ਅਰੰਭਤਾ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਹੋਲਾ ਮਹੱਲਾ ਪਹਿਲੇ ਤਿੰਨ ਦਿਨ ਕੀਰਤਪੁਰ ਸਾਹਿਬ ਵਿਖੇ ਮਨਾਇਆ ਗਿਆ ਸੀ। ਅੱਜ ਇਸ ਪਾਵਨ ਤਿਉਹਾਰ ਦੇ ਪਹਿਲੇ ਦਿਨ ਸੰਗਤਾਂ ਲੱਖਾਂ ਦੀ ਤਾਦਾਦ ’ਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰੂਘਰਾਂ ਵਿਚ ਨਤਮਸਤਕ ਹੋਈਆਂ।

ਇਸ ਮੋਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਹੋਲੇ ਮਹੱਲੇ ਦੀਆਂ ਵਧਾਈਆਂ ਦਿੰਦਿਆਂ ਅੰਮ੍ਰਿਤ ਛਕ ਕੇ ਖਾਲਸਾ ਪਰਿਵਾਰ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਅੱਜ ਲੋੜ ਹੈ ਗੁਰੂ ਸਾਹਿਬ ਦੇ ਹੁਕਮਾਂ ਤੇ ਪਹਿਰਾ ਦੇਣ ਦੀ ਤਾਂ ਜੋ ਕੌਮ ਦੀ ਚੜ੍ਹਦੀ ਕਲਾ ਹੋ ਸਕੇ।