ਵੋਟ ਪ੍ਰਤੀਸ਼ਤਤਾ ਨੂੰ ਵੱਧ ਤੋਂ ਵੱਧ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਨੌਜਵਾਨਾਂ ਨੂੰ ਮਜ਼ਬੂਤ ਲੋਕਤੰਤਰ ਲਈ ਲੋਕ ਸਭਾ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।
ਨੌਜਵਾਨਾਂ ਵੱਲੋਂ ਵੋਟਰਾਂ ਵਿੱਚ ਵੋਟ ਪ੍ਰਤੀ ਜਾਗਰੂਕਤਾ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਉਤਸ਼ਾਹਿਤ ਕਰਨ ਲਈ 1 ਜੂਨ ਨੂੰ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਚੋਣ ਅਧਿਕਾਰੀਆਂ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਡੀਸੀ ਨੇ ਕਿਹਾ ਕਿ ‘ਸਾਨੂੰ ਸਭ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੈਂਬਰ ਹੋਣ ‘ਤੇ ਮਾਣ ਹੋਣਾ ਚਾਹੀਦਾ ਹੈ, ਜੋ ਸਾਨੂੰ ਆਪਣੇ ਜਮਹੂਰੀ ਅਧਿਕਾਰਾਂ ਦੀ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਵਰਤੋਂ ਕਰਨ ਦਾ ਮੌਕਾ ਦਿੰਦਾ ਹੈ।’ ਉਨ੍ਹਾਂ ਨੌਜਵਾਨਾਂ, ਖਾਸ ਕਰਕੇ 18 ਤੋਂ 19 ਸਾਲ ਦੀ ਉਮਰ ਦੇ ਲੜਕੇ ਅਤੇ ਲੜਕੀਆਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਦੱਸਿਆ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ 70 ਫੀਸਦੀ ਵੋਟਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਨੈਤਿਕਤਾ ਨਾਲ ਵੋਟ ਪਾਉਣ ਦੀ ਸਹੁੰ ਚੁੱਕਣ ਦੇ ਨਾਲ-ਨਾਲ ‘ਆਈ ਵੋਟ ਫ਼ਾਰ ਸੇਅਰ’ ਨਾਮ ਦੀ ਹਸਤਾਖਰ ਮੁਹਿੰਮ ਵੀ ਸ਼ੁਰੂ ਕੀਤੀ, ਜਿਸ ਨੂੰ ਜ਼ਿਲ੍ਹੇ ਭਰ ਵਿੱਚ ਚਲਾਇਆ ਜਾਵੇਗਾ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨੈਤਿਕਤਾ ਨਾਲ ਵੋਟ ਪਾਉਣ ਦਾ ਸੰਦੇਸ਼ ਦਿੰਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ।