ਫਿਰੋਜ਼ਪੁਰ ਵਿਚ ਅੱਜ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਬਲੈਕੋ ਪਿਕਅੱਪ ਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ 10 ਤੋਂ 12 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਪਿੰਡ ਮੋਹਨ ਦੇ ਉਤਾੜ ਕੋਲ ਹੋਇਆ।
ਹਾਦਸੇ ਸਮੇਂ ਪਿਕਅੱਪ ਵਿਚ 25 ਤੋਂ ਵੱਧ ਲੋਕ ਸਵਾਰ ਸਨ। ਮ੍ਰਿਤਕਾਂ ਦੀਆਂ ਦੇਹਾਂ ਸੜਕ ਕਿਨਾਰੇ ਬਿਖਰੀਆਂ ਮਿਲੀਆਂ ਜਦੋਂ ਕਿ ਜ਼ਖਮੀ ਲੋਕਾਂ ਨੂੰ ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ। ਪੁਲਿਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

CM ਭਗਵੰਤ ਮਾਨ ਨੇ ਫਿਰੋਜ਼ਪੁਰ ਸੜਕ ਹਾਦਸੇ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ “ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂ/ਹਾਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ ਤੇ ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ”।
ਫਿਰੋਜ਼ਪੁਰ ਦੀ ਡੀਸੀ ਦੀਪਸ਼ਿਖਾ ਵਰਮਾ ਨੇ ਕਿਹਾ ਕਿ ਸਾਰੇ ਜ਼ਖਮੀਆਂ ਦਾ ਇਲਾਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਦੀ ਪੂਰੀ ਦੇਖਭਾਲ ਕੀਤੀ ਜਾਵੇਗੀ ਜਦੋਂ ਕਿ ਡੀਜੀਪੀ ਗੌਰਵ ਯਾਦਵ ਨੇ ਵੀ ਪੀੜਤਾਂ ਦੇ ਪਰਿਵਾਰ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।