ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਝੋਨੇ ਦੀ ਖਰੀਦ ਦੀ ਅਦਾਇਗੀ ਲਈ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਮੰਡੀ ਵਿੱਚ ਫਸਲ ਵਿਕਦਿਆਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਪੇਮੈਂਟ ਆ ਜਾਵੇਗੀ। ਪੰਚਾਇਤੀ ਚੋਣਾਂ ਕਰਕੇ ਇਸ ਵਾਰ ਸਰਕਾਰ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਣਾ ਚਾਹੁੰਦੀ। ਇਸ ਲਈ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
CM ਮਾਨ ਨੇ ਕਿਹਾ ਕਿ ਅੱਜ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ‘ਚ ਝੋਨੇ ਦੀ ਖਰੀਦ ਲਈ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਸਾਡੀਆਂ ਮੰਡੀਆਂ ਝੋਨੇ ਦੀ ਖਰੀਦ ਲਈ ਤਿਆਰ ਹਨ। ਕਿਸਾਨਾਂ ਦੀ ਫ਼ਸਲ ਮੰਡੀ ‘ਚ ਆਉਂਦਿਆ ਹੀ ਉਨ੍ਹਾਂ ਦੀ ਅਦਾਇਗੀ ਖਾਤਿਆਂ ‘ਚ ਕਰ ਦਿੱਤੀ ਜਾਵੇਗੀ। ਅਸੀਂ ਕਿਸਾਨਾਂ ਦੀ ਖੱਜਲ ਖ਼ੁਆਰੀ ਖ਼ਤਮ ਕਰਨ ਲਈ ਵਚਨਬੱਧ ਹਾਂ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੰਡੀਆਂ ਵਿੱਚੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਤੇ ਉਨ੍ਹਾਂ ਨੂੰ ਮੰਡੀਆਂ ’ਚ ਆਪਣੀ ਫਸਲ ਦੀ ਵਿਕਰੀ ਦੌਰਾਨ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ।
ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਰਾਈਸ ਮਿੱਲਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਈਸ ਮਿੱਲਰਾਂ ਵੱਲੋਂ ਸ਼ੈਲਰਾਂ ਵਿੱਚ ਥਾਂ ਦੀ ਘਾਟ ਦਾ ਮੁੱਦਾ ਚੁੱਕਿਆ ਗਿਆ, ਜਿਸ ’ਤੇ ਮੁੱਖ ਮੰਤਰੀ ਨੇ ਇਸ ਮੁੱਦੇ ਬਾਰੇ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਤੇ ਮਾਮਲੇ ਨੂੰ ਸੁਲਝਾਉਣ ਲਈ ਉਨ੍ਹਾਂ ਦਾ ਦਖਲ ਮੰਗਿਆ।