ਪੰਜਾਬੀਆਂ ਲਈ ਖੁਸ਼ਖਬਰੀ ਹੈ। ਹੁਣ ਪਲਾਟਾਂ ਦੀ ਰਜਿਸਟਰੀ ਕਰਾਉਣ ਲਈ ਕੋਈ ਇਤਰਾਜ ਨਹੀਂ ਸਰਟੀਫਿਕੇਟ (ਐਨਓਸੀ) ਦੀ ਲੋੜ ਨਹੀਂ ਪਵੇਗੀ। ਇਸ ਨਾਲ ਹਜ਼ਾਰਾਂ ਪਲਾਟਾਂ ਦੀ ਰੁਕੀ ਰਜਿਸਟਰੀ ਵੀ ਹੋ ਸਕੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਨਾਂ ਐਨਓਸੀ ਤੋਂ ਪਲਾਟਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਇਸ ਸਬੰਧੀ ਮਾਲ ਤੇ ਮਕਾਨ ਉਸਾਰੀ ਵਿਭਾਗ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਿੱਚ ਪਹਿਲੀ ਦਸੰਬਰ ਤੋਂ 28 ਫਰਵਰੀ 2025 ਤੱਕ ਲੋਕ ਬਿਨਾਂ ਐਨਓਸੀ ਤੋਂ ਪਲਾਟਾਂ ਦੀਆਂ ਰਜਿਸਟਰੀਆਂ ਕਰਵਾ ਸਕਦੇ ਹਨ।
ਇਸ ਸਬੰਧੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿੱਖ ਕੇ ਸੂਚਿਤ ਵੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਬਿਨਾਂ ਐਨਓਸੀ ਤੋਂ ਪਲਾਟਾਂ ਦੀਆਂ ਰਜਿਸਟਰੀਆਂ ਸਬੰਧੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।