ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਨੂੰ ਲਿਖ਼ਤੀ ਤੌਰ ‘ਤੇ ਮੁਆਫ਼ੀਨਾਮਾ ਭੇਜਿਆ ਹੈ। ਇਸ ਮੁਆਫ਼ੀਨਾਮੇ ਨੂੰ ਜਨਤਕ ਵੀ ਕੀਤਾ ਗਿਆ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਮਸਲਿਆਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪਸ਼ਟੀਕਰਨ ਲਿਫਾਫਾ ਬੰਦ ਸੌਂਪਦੇ ਹਨ। ਉਸੇ ਦਿਨ ਤੋਂ ਬਾਅਦ ਹੀ ਲਗਾਤਾਰ ਇਹ ਵਿਵਾਦ ਵੱਧਦਾ ਜਾ ਰਿਹਾ ਸੀ ਕਿ ਇਸ ਸਪਸ਼ਟੀਕਰਨ ਨੂੰ ਆਖਰ ਹੁਣ ਤੱਕ ਜਨਤਕ ਕਿਉਂ ਨਹੀਂ ਕੀਤਾ ਗਿਆ।
ਜ਼ਿਕਰਯੋਗ ਹੈ ਕਿ 1 ਜੁਲਾਈ ਨੂੰ ਬਾਗੀ ਅਕਾਲੀ ਆਗੂਆਂ ਵਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਲਈ ਖਿਮਾ ਯਾਚਨਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਸੀ, ਜਿਸ ਉਪਰੰਤ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਸੀ। ਜਿਸ ਉਪਰੰਤ ਬੀਤੀ 24 ਜੁਲਾਈ ਨੂੰ ਦੋਵਾਂ ਅਕਾਲੀ ਆਗੂਆਂ ਵਲੋਂ ਆਪਣੇ ਲਿਖਤੀ ਸਪੱਸ਼ਟੀਕਰਨ ਜਥੇਦਾਰ ਸਾਹਿਬ ਨੂੰ ਸੌਂਪ ਦਿੱਤੇ ਗਏ ਸਨ।