ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਹਰਿਆਣਾ ਦੇ ਕਿਸਾਨਾਂ ਦਾ ਵੀ ਸਾਥ ਮਿਲ ਸਕਦਾ ਹੈ। ਅੱਜ ਹਰਿਆਣਾ ਦੇ ਕਿਸਾਨ ਆਗੂ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂੰਨੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲਣਗੇ।
ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਾਲ ਫਰਵਰੀ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਨਹੀਂ ਬਣਨ ਦਿੱਤਾ ਸੀ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਹਨ। ਅੱਜ ਉਨ੍ਹਾਂ ਦਾ 20ਵਾਂ ਦਿਨ ਹੈ।
ਦਸ ਦੇਈਏ ਕਿ ਬੀਤੇ ਦਿਨ ਖਨੌਰੀ ਬਾਰਡਰ ‘ਤੇ ਮੰਜੇ ‘ਤੇ ਲੇਟ ਕੇ ਅਤੇ ਹੱਥ ‘ਚ ਮਾਈਕ ਫੜ ਕੇ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ। ਜ਼ਿਕਰਯੋਗ ਹੈ ਕਿ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ।