ਪਾਵਰਕੌਮ ਵੱਲੋਂ ਬਿਜਲੀ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਲੰਬੇ ਸਮੇਂ ਤੋਂ ਬਿੱਲਾਂ ਦਾ ਭੁਗਤਾਨ ਨਾ ਕਰਨ ਵਾਲੇ ਖਪਤਕਾਰਾਂ ਤੋਂ ਬਕਾਇਆ ਰਾਸ਼ੀ ਵਸੂਲੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਵਾਰ-ਵਾਰ ਅਪੀਲ ਕਰਨ ਦੇ ਬਾਵਜੂਦ ਭੁਗਤਾਨ ਨਹੀਂ ਕੀਤਾ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵੱਧ ਤੋਂ ਵੱਧ ਡਿਫਾਲਟਰ ਰਾਸ਼ੀ 31 ਮਾਰਚ ਤੋਂ ਪਹਿਲਾਂ ਵਸੂਲਣ ਦਾ ਟੀਚਾ ਹੈ। ਇਸ ਤਹਿਤ ਖਰੜ ਅੰਦਰ ਹੁਣ ਤੱਕ ਇਕ ਹਫਤੇ ਦੇ ਅੰਦਰ 20 ਲੱਖ ਰੁਪਏ ਦੀ ਵਸੂਲੀ ਕੀਤੀ ਹੈ ਅਤੇ 10 ਮੀਟਰ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਸਬ-ਡਵੀਜ਼ਨ ਅਧੀਨ ਆਉਂਦੇ ਵਿਭਾਗ ਦੀਆਂ ਵੱਖ-ਵੱਖ ਟੀਮਾਂ ਲਗਾਤਾਰ ਇਹ ਕਾਰਵਾਈ ਕਰ ਰਹੀਆਂ ਹਨ। ਖਪਤਕਾਰਾਂ ਵੱਲੋਂ ਸਮੇਂ ਸਿਰ ਬਿਜਲੀ ਦੇ ਬਿੱਲ ਜਮ੍ਹਾਂ ਨਹੀਂ ਕਰਵਾਏ ਜਾਂਦੇ। ਇਸ ਕਾਰਨ ਪਾਵਰਕੌਮ ਵੱਲੋਂ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਅਦਾਇਗੀਆਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੇ ਬਾਵਜੂਦ ਕੁਝ ਖਪਤਕਾਰਾਂ ਦੇ ਬਕਾਇਆ ਬਿੱਲਾਂ ਦੀ ਰਕਮ ਲਗਾਤਾਰ ਵਧ ਰਹੀ ਹੈ। ਅਜਿਹੇ ਖਪਤਕਾਰਾਂ ਨੂੰ ਸਮੇਂ ਸਿਰ ਬਿੱਲਾਂ ਦੀ ਅਦਾਇਗੀ ਨਾ ਕਰਨ ’ਤੇ ਕੁਨੈਕਸ਼ਨ ਕੱਟਣ ਦੀ ਕਈ ਵਾਰ ਚਿਤਾਵਨੀ ਦਿੱਤੀ ਗਈ।