ਪੰਜਾਬ ਵਿੱਚ ਪੰਚਾਇਤੀ ਚੋਣਾਂ ਸਬੰਧੀ ਐਲਾਨ ਅੱਜ ਕੀਤਾ ਜਾ ਸਕਦਾ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਕਿਆਸ ਲਾਇਆ ਜਾ ਰਿਹਾ ਹੈ ਕਿ ਇਸ ਪ੍ਰੈੱਸ ਕਾਨਫਰੰਸ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਚੋਣਾਂ ਜਲਦੀ ਕਰਵਾਉਣ ਲਈ ਕਿਹਾ ਸੀ। ਦੱਸ ਦਈਏ ਕਿ ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਭੰਗ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦੋਂਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ। ਪਿਛਲੇ ਸਾਲ ਦਸੰਬਰ ਤੋਂ ਭੰਗ ਹੋਈਆਂ ਪੰਚਾਇਤਾਂ ਦੀਆਂ ਚੋਣਾਂ ਅਜੇ ਪੈਂਡਿਗ ਹਨ।