ਸਥਾਨਕ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ‘ਤੇ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸਸੀ ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ।
ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।
ਇਸ ਹਮਲੇ ਨੂੰ ਕਿਸ ਨੇ ਅੰਜਾਮ ਦਿੱਤਾ ਇਸ ਬਾਰੇ ਹਾਲੇ ਤੱਕ ਜਾਣਕਾਰੀ ਨਹੀਂ ਮਿਲ ਸਕੀ। ਨੌਜਵਾਨ ਸਰਪੰਚ ਰਾਜਵਿੰਦਰ ਸਿੰਘ ਨੂੰ ਜਦੋਂ ਗੋਲੀਆਂ ਮਾਰੀਆਂ ਗਈਆਂ ਤਾਂ ਸਾਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਘਟਨਾ ਵਾਲੀ ਥਾਂ ‘ਤੇ ਪੂਰਾ ਪਿੰਡ ਇਕੱਠਾ ਹੋ ਗਿਆ ਹੈ। ਪੁਲਿਸ ਨੂੰ ਵੀ ਮੌਕੇ ‘ਤੇ ਫੋਨ ਕਰਕੇ ਸੂਚਨਾ ਦਿੱਤੀ ਗਈ। ਪੁਲਿਸ ਹਮਲਾਵਾਰਾਂ ਦੀ ਭਾਲ ਵਿੱਚ ਜੁੱਟ ਗਈ ਹੈ। ਫਿਲਹਾਲ ਦਿਨ ਦਿਹਾੜੇ ਗੋਲੀਆਂ ਮਾਰੀਆਂ ਜਾਣੀਆਂ ਲੋਕ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਓਹ ਵੀ ਉਸ ਸਮੇਂ ਜਦੋਂ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਾ ਹੋਵੇ ਅਤੇ ਸੁਰੱਖਿਆ ਨੂੰ ਦੁੱਗਣਾ ਕੀਤਾ ਗਿਆ ਹੋਵੇ।