ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪਟਾਕਿਆਂ ਸਬੰਧੀ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸੂਬੇ ਵਿੱਚ ਸਿਰਫ ਗਰੀਨ ਪਟਾਕਿਆਂ ਦੀ ਹੀ ਖਰੀਦੋ-ਫਰੋਖਤ ਹੋ ਸਕੇਗੀ। ਸਰਕਾਰ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ।
ਸਰਕਾਰੀ ਹੁਕਮਾਂ ਮੁਕਾਬਕ ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਟਾਕਿਆਂ ਦੀ ਲੜੀ (ਸੀਰੀਜ਼ ਪਟਾਕੇ) ਦੇ ਨਿਰਮਾਣ, ਭੰਡਾਰਨ, ਵੰਡ, ਵਿਕਰੀ ਤੇ ਵਰਤੋਂ ‘ਤੇ ਰਾਜ ਵਿਆਪੀ ਪਾਬੰਦੀ ਲਗਾਈ ਗਈ ਹੈ।
ਪੰਜਾਬ ਸਰਕਾਰ ਵੱਲੋਂ ਸਿਰਫ਼ “ਹਰੇ ਪਟਾਕੇ” (ਜਿਨ੍ਹਾਂ ਵਿੱਚ ਬੇਰੀਅਮ ਸਾਲਟਸ ਜਾਂ ਐਂਟੀਮੋਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣਾਂ ਦੀ ਵਰਤੋਂ ਨਹੀਂ ਕੀਤੀ ਜਾਂਦੀ) ਦੀ ਵਿਕਰੀ ਤੇ ਵਰਤੋਂ ਲਈ ਆਗਿਆ ਦਿੱਤੀ ਗਈ ਹੈ। ਵਿਕਰੀ ਸਿਰਫ਼ ਮਨਜ਼ੂਰਸ਼ੁਦਾ ਪਟਾਕਿਆਂ ਦਾ ਵਪਾਰ ਕਰਨ ਵਾਲੇ ਲਾਇਸੰਸਸ਼ੁਦਾ ਵਪਾਰੀਆਂ ਤੱਕ ਸੀਮਤ ਹੈ।
ਇਸ ਤੋਂ ਇਲਾਵਾ ਮਨਜ਼ੂਰਸ਼ੁਦਾ ਡੈਸੀਬਲ ਪੱਧਰ ਤੋਂ ਵੱਧ ਸਮਰਥਾ ਵਾਲੇ ਪਟਾਕਿਆਂ ਨੂੰ ਸਟੋਰ ਕਰਨ, ਪ੍ਰਦਰਸ਼ਨ ਕਰਨ ਜਾਂ ਵੇਚਣ ਦੀ ਮਨਾਹੀ ਹੈ। ਸੂਬਾ ਸਰਕਾਰ ਨੇ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਰਤੋਂ ਲਈ ਸੀਮਤ ਸਮਾਂ ਸੀਮਾ ਵੀ ਤੈਅ ਕੀਤੀ ਹੈ। ਫਲਿੱਪਕਾਰਟ ਤੇ ਐਮਾਜ਼ਾਨ ਸਮੇਤ ਈ-ਕਾਮਰਸ ਪਲੇਟਫਾਰਮਾਂ ‘ਤੇ ਪੰਜਾਬ ਰਾਜ ਦੇ ਅੰਦਰ ਆਨਲਾਈਨ ਆਰਡਰ ਲੈਣ ਜਾਂ ਵਿਕਰੀ ਕਰਨ ‘ਤੇ ਸਖ਼ਤ ਮਨਾਹੀ ਕੀਤੀ ਗਈ ਹੈ।