ਭਗਵੰਤ ਮਾਨ ਸਰਕਾਰ ਨੇ NRI’s ਲਈ ਕੀਤਾ ਵੱਡਾ ਐਲਾਨ

ਭਗਵੰਤ ਮਾਨ ਸਰਕਾਰ ਨੇ ਐਨਆਰਆਈ ਖੁਸ਼ ਕਰ ਦਿੱਤੇ ਹਨ। ਪਰਵਾਸੀ ਪੰਜਾਬੀ ਹੁਣ ਵਿਦੇਸ਼ਾਂ ਵਿੱਚ ਬੈਠੇ ਹੀ ਪੰਜਾਬ ਵਿੱਚ ਆਪਣੀ ਕਿਸੇ ਵੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ। ਇਸ ਲਈ ਸਿਰਫ ਉਨ੍ਹਾਂ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਵਾਉਣੀ ਪਵੇਗੀ। ਸ਼ਿਕਾਇਤ ਮਿਲਦਿਆਂ ਹੀ ਅਫਸਰ ਐਕਸ਼ਨ ਲੈਣਗੇ। ਇਸ ਨਾਲ ਹੁਣ ਪਰਵਾਸੀ ਪੰਜਾਬੀਆਂ ਨੂੰ ਆਪਣੇ ਕੰਮਾਂ ਲਈ ਪੰਜਾਬ ਗੇੜੇ ਨਹੀਂ ਮਾਰਨੇ ਪੈਣਗੇ।

ਦਰਅਸਲ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਐਨਆਰਆਈਜ਼ ਦੇ ਮਸਲੇ ਆਨਲਾਈਨ ਹੱਲ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਐਨਆਰਆਈ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ‘ਆਨਲਾਈਨ ਐਨਆਰਆਈ ਮਿਲਣੀ’ ਨਾਮੀ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ ਮਹੀਨੇ ਵਿੱਚ ਹੀ ਕੀਤੀ ਗਈ ਹੈ। 

ਇਸ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ’ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ ਤੇ ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਤੇ ਐਨਆਰਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ’ਚ ਲਿਆ ਸਕਦੇ ਹਨ। ਉਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਆਨਲਾਈਨ ਢੰਗ ਨਾਲ ਹੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨਆਰਆਈ ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਤੇ ਪੁਲਿਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। 

ਉਨ੍ਹਾਂ ਨੇ ਕਿਹਾ ਕਿ ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ। ਧਾਲੀਵਾਲ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐਸਐਸਪੀਜ਼ ਨੂੰ ਪਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ’ਤੇ ਹੱਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਪਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Advertisement