ਦੋ ਦਿਨ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਮੌਸਮ ਵਿਗੜਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਦੇ ਚਮੋਲੀ ਦੇ ਮਾਨਾ ‘ਚ ਗਲੇਸ਼ੀਅਰ ਟੁੱਟਣ ਅਤੇ ਹਿਮਾਚਲ ਪ੍ਰਦੇਸ਼ ‘ਚ ਦੋ ਦਿਨ ਪਹਿਲਾਂ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਈ ਸੀ। ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਵੀ ਗੜ੍ਹੇਮਾਰੀ ਕਾਰਨ ਕਾਫੀ ਨੁਕਸਾਨ ਹੋਇਆ ਸੀ। ਹੁਣ ਮੌਸਮ ਵਿਭਾਗ ਨੇ ਨਵੀਂ ਚਿਤਾਵਨੀ ਜਾਰੀ ਕਰ ਦਿੱਤੀ ਹੈ।

ਭਾਰਤੀ ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ 4 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਅਤੇ 9 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤ ਮੌਸਮ ਵਿਗਿਆਨ ਕੇਂਦਰ ਅਨੁਸਾਰ ਇਸ ਸਮੇਂ ਇਕ ਨਵਾਂ ਪੱਛਮੀ ਪ੍ਰਭਾਵ ਸਰਗਰਮ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ਉਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਹਨੇਰੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਐੱਸ.ਏ.ਐੱਸ. ਨਗਰ (ਮੁਹਾਲੀ), ਫ਼ਿਰੋਜ਼ਪੁਰ ਅਤੇ ਮੋਗਾ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 4 ਅਤੇ 5 ਮਾਰਚ ਨੂੰ ਤੂਫਾਨ ਦੀ ਸੰਭਾਵਨਾ ਹੈ।