ਇਸ ਸਮੇਂ ਦੇਸ਼ ਦੇ ਕਈ ਰਾਜਾਂ ਵਿਚ ਲੋਕ ਗਰਮੀ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ। ਤਾਪਮਾਨ ਲਗਾਤਾਰ ਵਧ ਰਿਹਾ ਹੈ। ਇੱਥੋਂ ਤੱਕ ਕਿ ਕਈ ਰਾਜਾਂ ਵਿੱਚ ਤਾਪਮਾਨ 40 ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ’ਚ 13 ਤੋਂ 15 ਅਪਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ।
ਦਸਿਆ ਜਾ ਰਿਹਾ ਹੈ ਕਿ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਯੂਪੀ ਸਮੇਤ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ 13 ਤੋਂ 15 ਅਪਰੈਲ ਤੱਕ ਮੀਂਹ, ਗੜੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਉਧਰ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ’ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਲਕੇ ਤੋਂ ਦਰਮਿਆਨੇ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਲੋਕਾਂ ਅਤੇ ਪਸ਼ੂਆਂ ਨੂੰ ਆਉਂਦੇ ਦਿਨਾਂ ’ਚ ਖੁੱਲ੍ਹੇ ਵਿੱਚ ਨਾ ਵਿਚਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਉੱਤਰ-ਪੱਛਮੀ ਭਾਰਤ ਦੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀਆਂ ਪੱਕੀਆਂ ਫ਼ਸਲਾਂ ਦੀ ਫੌਰੀ ਵਾਢੀ ਕਰ ਲੈਣ ਅਤੇ ਉਸ ਨੂੰ ਸੁਰੱਖਿਅਤ ਥਾਵਾਂ ’ਤੇ ਢੱਕ ਕੇ ਰੱਖਣ।