ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਹਲਕੀ ਬਰਫਬਾਰੀ ਅਤੇ ਬਾਰਿਸ਼ ਫਿਰ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 11 ਤੋਂ 13 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰਾਂ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ 12 ਅਤੇ 13 ਮਾਰਚ ਨੂੰ ਮੈਦਾਨੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਦਸ ਦੇਈਏ ਕਿ 10 ਤੋਂ 12 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ‘ਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਆਪਣੇ ਪੂਰਵ ਅਨੁਮਾਨ ਵਿੱਚ ਕਿਹਾ ਹੈ ਕਿ 12 ਤੋਂ 13 ਮਾਰਚ ਨੂੰ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਮੀਂਹ ਪਵੇਗਾ।