ਰਾਹੁਲ ਗਾਂਧੀ ਤੇ ਦਿੱਲੀ ਪੁਲਿਸ ਨੇ ਦਰਜ ਕੀਤੀ FIR

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਭਾਜਪਾ ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਨੇ ਸੰਸਦ ‘ਚ ਧੱਕਾ-ਮੁੱਕੀ ਕਰਨ ਦੇ ਮਾਮਲੇ ਵਿੱਚ ਰਾਹੁਲ ਖਿਲਾਫ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਕਾਂਗਰਸੀ ਆਗੂ ਖ਼ਿਲਾਫ਼ ਬੀਐਨਐਸ 117,125,131,3(5) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦਸ ਦੇਈਏ ਕਿ ਬੀਜੇਪੀ ਨੇ ਰਾਹੁਲ ਗਾਂਧੀ ਖਿਲਾਫ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ ‘ਚ ਰਾਹੁਲ ‘ਤੇ ਸੰਸਦ ਕੰਪਲੈਕਸ ‘ਚ ਧੱਕਾ-ਮੁੱਕੀ ਦੌਰਾਨ ਸਰੀਰਕ ਹਮਲੇ ਅਤੇ ਉਕਸਾਉਣ ਦਾ ਦੋਸ਼ ਲਗਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਇਲਾਵਾ ਭਾਜਪਾ ਨੇ ਰਾਹੁਲ ਗਾਂਧੀ ਨੂੰ ਕਤਲ ਦੀ ਕੋਸ਼ਿਸ਼ ਅਤੇ ਹੋਰ ਦੋਸ਼ਾਂ ਤਹਿਤ ਮੁਲਜ਼ਮ ਬਣਾਉਣ ਦੀ ਮੰਗ ਕੀਤੀ ਸੀ। ਭਾਜਪਾ ਦੀ ਤਰਫੋਂ ਸੰਸਦ ਮੈਂਬਰ ਹੇਮੰਗ ਜੋਸ਼ੀ, ਅਨੁਰਾਗ ਠਾਕੁਰ ਅਤੇ ਬੰਸੁਰੀ ਸਵਰਾਜ ਸੰਸਦ ਮਾਰਗ ਥਾਣੇ ਪਹੁੰਚੇ ਅਤੇ ਪੁਲਿਸ ਨੂੰ ਸ਼ਿਕਾਇਤ ਸੌਂਪੀ।

ਅਨੁਰਾਗ ਠਾਕੁਰ ਨੇ ਮਾਮਲੇ ਦੀ ਜਾਂਚ ਕਰਨ ਅਤੇ ਬੀਐਨਐਸ ਦੀ ਧਾਰਾ 109 (ਹੱਤਿਆ ਦੀ ਕੋਸ਼ਿਸ਼), 115 (ਸਵੈ-ਇੱਛਾ ਨਾਲ ਸੱਟ ਪਹੁੰਚਾਉਣ), 117 (ਸਵੈ-ਇੱਛਾ ਨਾਲ ਗੰਭੀਰ ਸੱਟ ਪਹੁੰਚਾਉਣ), 125 (ਦੂਜਿਆਂ ਦੀ ਜਾਨ ਜਾਂ ਨਿੱਜੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲਾ ਕੰਮ), ਧਾਰਾ 131 (ਅਪਰਾਧਿਕ ਫੋਰਸ), 351 (ਅਪਰਾਧਿਕ ਧਮਕੀ) ਅਤੇ 3(5) (ਸਾਧਾਰਨ ਇਰਾਦਾ) ਦੇ ਤਹਿਤ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ।

ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਮੈਂਬਰ ਸੰਸਦ ਭਵਨ ਦੇ ਮਕਰ ਗੇਟ ਨੇੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਗਏ ਅਤੇ ਸੰਵਿਧਾਨ ਨਿਰਮਾਤਾ ਬੀਆਰ ਅੰਬੇਡਕਰ ਦੇ ਕਥਿਤ ਅਪਮਾਨ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵਿਰੋਧੀ ਧਿਰ ਅਤੇ ਐਨਡੀਏ ਸੰਸਦ ਮੈਂਬਰਾਂ ਵਿਚਾਲੇ ਹੋਈ ਤਕਰਾਰ ਵਿੱਚ ਸਾਬਕਾ ਮੰਤਰੀ ਪ੍ਰਤਾਪਚੰਦਰ ਸਾਰੰਗੀ ਅਤੇ ਮੁਕੇਸ਼ ਰਾਜਪੂਤ ਜ਼ਖ਼ਮੀ ਹੋ ਗਏ। ਪ੍ਰਤਾਪਚੰਦਰ ਸਾਰੰਗੀ ਨੇ ਰਾਹੁਲ ਗਾਂਧੀ ‘ਤੇ ਉਨ੍ਹਾਂ ਨੂੰ ਧੱਕਾ ਦੇਣ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਕਾਂਗਰਸ ਨੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਧੱਕਾ ਦਿੱਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਧੱਕਾ-ਮੁੱਕੀ ਕੀਤੀ। ਕਾਂਗਰਸ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਹੈ।

Advertisement