ਲੋਕ ਸਭਾ ਚੋਣਾਂ ਤੋਂ ਪਹਿਲਾਂ ਨੋਟ ਫਾਰ ਵੋਟ ਮਾਮਲੇ ‘ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਦੇ 7 ਜੱਜਾਂ ਦੇ ਬੈਂਚ ਨੇ 1998 ਦੇ ਫੈਸਲੇ ਨੂੰ ਪਲਟਦਿਆਂ ਕਿਹਾ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਛੋਟ ਨਹੀਂ ਦਿੱਤੀ ਜਾ ਸਕਦੀ।
ਅਦਾਲਤ ਨੇ ਕਿਹਾ ਕਿ ਇਹ ਵਿਸ਼ੇਸ਼ ਅਧਿਕਾਰ ਅਧੀਨ ਨਹੀਂ ਆਉਂਦਾ। ਸੱਤ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਫੈਸਲਾ ਸੁਣਾਇਆ ਕਿ ਕੋਈ ਵੀ ਸੰਸਦ ਮੈਂਬਰ ਜਾਂ ਵਿਧਾਇਕ ਸੰਸਦ ਜਾਂ ਵਿਧਾਨ ਸਭਾ ਵਿੱਚ ਵੋਟ ਜਾਂ ਭਾਸ਼ਣ ਦੇ ਸਬੰਧ ਵਿੱਚ ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਮੁਕੱਦਮੇ ਤੋਂ ਛੋਟ ਦਾ ਦਾਅਵਾ ਨਹੀਂ ਕਰ ਸਕਦਾ। ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਪੀਵੀ ਨਰਸਿਮਹਾ ਰਾਓ ਮਾਮਲੇ ਵਿੱਚ 1998 ਦੇ ਫੈਸਲੇ ਨੂੰ ਸਰਬਸੰਮਤੀ ਨਾਲ ਰੱਦ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਸੁਣਵਾਈ ਦੌਰਾਨ ਕਿਹਾ, “ਅਸੀਂ ਪੀਵੀ ਨਰਸਿਮਹਾ ਕੇਸ ਦੇ ਫੈਸਲੇ ਨਾਲ ਅਸਹਿਮਤ ਹਾਂ, ਜੋ ਸਦਨ ਵਿੱਚ ਭਾਸ਼ਣ ਦੇਣ ਜਾਂ ਵੋਟਿੰਗ ਕਰਨ ਲਈ ਇੱਕ ਵਿਧਾਇਕ ਨੂੰ ਕਥਿਤ ਰਿਸ਼ਵਤ ਤੋਂ ਛੋਟ ਦਿੰਦਾ ਹੈ, ਜਿਸ ਦੇ ਵਿਆਪਕ ਪ੍ਰਭਾਵ ਹਨ।” ਸੁਪਰੀਮ ਕੋਰਟ ਨੇ ਕਿਹਾ ਕਿ ਵਿਧਾਇਕਾਂ ਦੁਆਰਾ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਭਾਰਤੀ ਸੰਸਦੀ ਲੋਕਤੰਤਰ ਦੇ ਕੰਮਕਾਜ ਨੂੰ ਤਬਾਹ ਕਰ ਦਿੰਦੀ ਹੈ। ਸੀਜੇਆਈ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਧਾਰਾ 105 ਜਾਂ 194 ਦਾ ਹਵਾਲਾ ਦੇ ਕੇ ਰਿਸ਼ਵਤਖੋਰੀ ਨੂੰ ਛੋਟ ਨਹੀਂ ਦਿੱਤੀ ਗਈ ਹੈ।