ਲਾਡੋਵਾਲ Toll Plaza ਬੰਦ, ਮੁਲਾਜ਼ਮਾਂ ਨੇ ਲਿਆ ਫੈਸਲਾ…

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਫਰੀ ਕਰ ਦਿੱਤਾ ਗਿਆ ਹੈ। ਕਰਮਚਾਰੀਆਂ ਵੱਲੋਂ ਮੰਗਾਂ ਪੂਰੀਆਂ ਨਾ ਹੋਣ ਉਤੇ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਮੁਫਤ ਕਰ ਦਿੱਤਾ ਗਿਆ ਹੈ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।

ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਕਮਾਈ 70 ਲੱਖ ਰੁਪਏ ਦੇ ਕਰੀਬ ਹੈ। ਟੋਲ ਪਲਾਜ਼ਾ ਅੱਜ ਸਵੇਰ ਤੋਂ ਹੀ ਬੰਦ ਹੋ ਗਿਆ। ਇਸ ਲਈ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪੈ ਰਿਹਾ। ਬੀਤੇ ਦਿਨ ਦਰਸ਼ਨ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ।

ਦਸਿਆ ਜਾ ਰਿਹਾ ਹੈ ਕਿ ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।

Advertisement