ਭਾਰਤ ਦੀ ਰਾਸ਼ਟਰੀ ਸੁਰੱਖਿਆ ਜਾਂਚ ਏਜੰਸੀ (NIA) ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫੈਸਲਾ ਲਿਆ ਹੈ।
ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਇਸ ਕਤਲ ਕੇਸ ਵਿੱਚ ਅਨਮੋਲ ਦਾ ਨਾਂ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ NIA ਨੇ ਇਨਾਮ ਦਾ ਐਲਾਨ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਅਨਮੋਲ ਬਿਸ਼ਨੋਈ ਸਾਲ 2022 ਵਿੱਚ ਦਰਜ ਦੋ ਮਾਮਲਿਆਂ ਵਿੱਚ ਲੋੜੀਂਦਾ ਹੈ। ਇਸ ਸਬੰਧੀ ਇਹ ਕਾਰਵਾਈ ਕੀਤੀ ਗਈ ਹੈ।

ਦਸ ਦਈਏ ਕਿ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਪਿੱਛੇ ਪਏ ਲਾਰੇਂਸ ਗੈਂਗ ਦੇ ਗੁੰਡਿਆਂ ਨੇ ਹਾਲ ਹੀ ‘ਚ ਉਨ੍ਹਾਂ ਦੇ ਘਰ ‘ਤੇ ਵੀ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ‘ਚ ਅਨਮੋਲ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸ ਸਬੰਧੀ ਮੁੰਬਈ ਪੁਲਿਸ ਨੇ ਪਹਿਲਾਂ ਹੀ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੋਇਆ ਹੈ ਅਤੇ ਹੁਣ ਐਨਆਈਏ ਨੇ ਵੀ ਕਾਰਵਾਈ ਕਰਦਿਆਂ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ।