ਕਾਲੇ ਪਾਣੀ ਦੇ ਮੋਰਚੇ ਦੇ ਆਗੂ ਅਮਿਤੋਜ ਮਾਨ ਅਤੇ ਸੈਂਕੜੇ ਸਮਰਥਕਾਂ ਨੇ ਲੁਧਿਆਣਾ-ਫਿਰੋਜ਼ਪੁਰ ਰੋਡ ਜਾਮ ਕਰਕੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਮੋਰਚੇ ਦੇ ਆਗੂ ਲੱਖਾ ਸਿਧਾਣਾ, ਕੁਲਦੀਪ ਸਿੰਘ ਖਹਿਰਾ, ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਐਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਸਮੇਤ ਹੋਰ ਆਗੂਆਂ ਤੇ ਸਮਰਥਕਾਂ ਨੂੰ ਰਿਹਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੜਕ ਨੂੰ ਇਸੇ ਤਰ੍ਹਾਂ ਜਾਮ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਕਿਸੇ ਵੀ ਵਾਹਨ ਨੂੰ ਸੜਕ ਤੋਂ ਲੰਘਣ ਨਹੀਂ ਦਿੱਤਾ ਜਾਵੇਗਾ। ਪੁਲਿਸ ਅਧਿਕਾਰੀਆਂ ਤੇ ਮੋਰਚੇ ਦੇ ਆਗੂਆਂ ਦਰਮਿਆਨ ਹਾਲ ਦੀ ਘੜੀ ਮੀਟਿੰਗ ਬੇਸਿੱਟਾ ਰਹੀ ਹੈ, ਪੁਲਿਸ ਅਧਿਕਾਰੀਆਂ ਵੱਲੋਂ ਆਪਣੇ ਸੀਨੀਅਰ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਦਸ ਦੇਈਏ ਕਿ ਲੁਧਿਆਣਾ ਵਿੱਚ ਬੁੱਢੇ ਨਾਲੇ ਦੇ ਪ੍ਰਦੂਸ਼ਣ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਦੁਪਹਿਰ ਬਾਅਦ ਭੜਕੇ ਹੋਏ ਹਨ। ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਤਾਜਪੁਰ ਰੋਡ ਵੱਲ ਵਧਣ ਲੱਗੇ ਹਨ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਹੋਰ ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਜਾਮ ਲਾ ਦਿੱਤਾ। ਜਿੱਥੇ ਵੀ ਪ੍ਰਦਰਸ਼ਨਕਾਰੀ ਮੌਜੂਦ ਹਨ, ਉੱਥੇ ਪੁਲਿਸ ਪ੍ਰਸ਼ਾਸਨ ਨੇ ਜੈਮਰ ਲਗਾ ਦਿੱਤੇ ਹਨ ਤਾਂ ਜੋ ਮੋਬਾਈਲ ਨੈੱਟਵਰਕ ਕੰਮ ਨਾ ਕਰੇ।ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦੰਗਾ ਕੰਟਰੋਲ ਫੋਰਸ ਤਾਇਨਾਤ ਕਰ ਦਿੱਤੀ ਹੈ।