ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਰਕਿੰਗ ਕਮੇਟੀ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣਾ ਅਸਤੀਫਾ ਪੱਤਰ ਸੌਂਪਿਆ ਹੈ। ਦਲਜੀਤ ਚੀਮਾ ਨੇ ਐਕਸ ‘ਤੇ ਪੋਸਟ ਕਰਕੇ ਸਾਂਝੀ ਕੀਤੀ ਜਾਣਕਾਰੀ। ਇਸ ਅਸਤੀਫੇ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ‘ਤੇ ਸਾਂਝੀ ਕਰਦਿਆਂ ਲਿਖਿਆ ਕਿ ‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਕੇ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰ ਦਿੱਤਾ ਹੈ, ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ਵਿੱਚ ਵਿਸ਼ਵਾਸ ਜਤਾਉਣ ਅਤੇ ਉਨ੍ਹਾਂ ਦੇ ਪੂਰੇ ਕਾਰਜਕਾਲ ਦੌਰਾਨ ਦਿਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ’।
ਦਸ ਦੇਈਏ ਕਿ ਸਾਲ 2008 ਵਿੱਚ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਸੰਭਾਲੀ ਸੀ। ਬਾਦਲ 16 ਸਾਲ ਦੋ ਮਹੀਨੇ ਅਕਾਲੀ ਦਲ ਦੇ ਪ੍ਰਧਾਨ ਰਹੇ। ਸੁਖਬੀਰ ਸਿੰਘ ਬਾਦਲ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੀ ਕਮਾਨ ਸੰਭਾਲ ਰਹੇ ਸਨ।ਸੁਖਬੀਰ ਸਿੰਘ ਬਾਦਲ ਨੇ ਅਜਿਹੇ ਸਮੇਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਜਦੋਂ 20 ਨਵੰਬਰ ਨੂੰ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਹੁਣ ਦੇਖਣਾ ਇਹ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਕਿਸ ਨੂੰ ਬਣਾਇਆ ਜਾਵੇਗਾ।