ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ GST ਦੇ ਦਾਇਰੇ ‘ਚ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 20 ਰੁਪਏ ਦੀ ਕਮੀ ਆ ਸਕਦੀ ਹੈ। ਪੈਟਰੋਲੀਅਮ ਉਤਪਾਦਾਂ ਨੂੰ ਜੀਐਸਟੀ ਵਿੱਚ ਸ਼ਾਮਲ ਕਰਨ ਨਾਲ ਨਾ ਸਿਰਫ਼ ਤੇਲ ਕੰਪਨੀਆਂ ਨੂੰ ਇਨਪੁਟਸ ‘ਤੇ ਅਦਾ ਕੀਤੇ ਟੈਕਸ ਨੂੰ ਘਟਾਉਣ ਵਿੱਚ ਮਦਦ ਮਿਲੇਗੀ, ਸਗੋਂ ਦੇਸ਼ ਭਰ ਵਿੱਚ ਈਂਧਨ ‘ਤੇ ਟੈਕਸ ਵਿੱਚ ਵੀ ਇਕਸਾਰਤਾ ਆਵੇਗੀ। ਇਸ ਦਾ ਮਤਲਬ ਹੈ ਕਿ ਦੇਸ਼ ਭਰ ‘ਚ ਪੈਟਰੋਲ ਅਤੇ ਡੀਜ਼ਲ ਲਗਭਗ ਇੱਕੋ ਕੀਮਤ ‘ਤੇ ਉਪਲਬਧ ਹੋਣਗੇ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਲਈ ਤਿਆਰ ਹੈ। ਹੁਣ ਰਾਜਾਂ ਨੇ ਇਸ ਸਬੰਧ ਵਿਚ ਫੈਸਲਾ ਲੈਣਾ ਹੈ ਅਤੇ ਮਿਲ ਕੇ ਇਸ ਦੀਆਂ ਦਰਾਂ ਤੈਅ ਕਰਨੀਆਂ ਹਨ। ਜੇ ਜੀਐਸਟੀ ਦਰ ‘ਤੇ ਸਹਿਮਤੀ ਹੋ ਜਾਂਦੀ ਹੈ ਅਤੇ ਪੈਟਰੋਲੀਅਮ ਪਦਾਰਥਾਂ ‘ਤੇ ਸਭ ਤੋਂ ਵੱਧ 28 ਫੀਸਦੀ ਟੈਕਸ ਲਗਾਇਆ ਜਾਂਦਾ ਹੈ ਤਾਂ ਵੀ ਆਮ ਲੋਕਾਂ ਨੂੰ ਪੈਟਰੋਲ ‘ਤੇ 19.71 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 12.83 ਰੁਪਏ ਪ੍ਰਤੀ ਲੀਟਰ ਦੀ ਰਾਹਤ ਮਿਲੇਗੀ। ਹਾਲਾਂਕਿ, ਇਹ ਸਰਕਾਰਾਂ ਨੂੰ ਟੈਕਸ ਦੇ ਰੂਪ ਵਿੱਚ ਕਮਾਈ ਕਰਨ ਵਾਲੀ ਆਮਦਨ ਨੂੰ ਪ੍ਰਭਾਵਿਤ ਕਰ ਸਕਦਾ ਹੈ।
ਕੌਮੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 94.72 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦਕਿ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। ਇਸ ਆਧਾਰ ‘ਤੇ ਜੀਐਸਟੀ ਲਾਗੂ ਹੋਣ ਤੋਂ ਬਾਅਦ ਦਿੱਲੀ ‘ਚ ਪੈਟਰੋਲ ਦੀ ਕੀਮਤ 75.01 ਰੁਪਏ ਅਤੇ ਡੀਜ਼ਲ ਦੀ ਕੀਮਤ 74.79 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ।