ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ 4 ਦਿਨਾਂ ਤੋਂ ਬੰਦ ਹੈ। ਡੇਢ ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI ਨੂੰ ਕਰੀਬ 4 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲ ਦੀ ਘੜੀ ਤੱਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਾਹਮਣੇ NHAI ਬੇਵੱਸ ਨਜ਼ਰ ਆ ਰਹੀ ਹੈ। ਕਿਸਾਨ ਆਪਣੀ ਮੰਗ ‘ਤੇ ਅੜੇ ਹੋਏ ਹਨ ਕਿ ਟੋਲ 150 ਰੁਪਏ ਪ੍ਰਤੀ ਵਾਹਨ ਹੋਣਾ ਚਾਹੀਦਾ ਹੈ ਪਰ NHAI ਦੇ ਅਧਿਕਾਰੀ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਇਸ ਕਾਰਨ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦੀ ਗਿਣਤੀ ਹੌਲੀ-ਹੌਲੀ ਵੱਧ ਰਹੀ ਹੈ।
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਕਿਸਾਨਾਂ ਨੇ ਹਮੇਸ਼ਾ ਹੀ ਲੋਕਾਂ ਦੀ ਹੋ ਰਹੀ ਲੁੱਟ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਜੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਨਾ ਝੁਕੀ ਤਾਂ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਹਰ ਕਦਮ ਚੁੱਕਣਗੇ।
ਜ਼ਿਕਰ ਕਰ ਦਈਏ ਕਿ ਲਾਡੋਵਾਲ ਟੋਲ ‘ਤੇ ਪੁਰਾਣੀਆਂ ਦਰਾਂ ਮੁਤਾਬਕ, ਕਾਰ ਦਾ ਟੈਕਸ ਇੱਕ ਤਰਫਾ 215 ਰੁਪਏ ਅਤੇ ਰਾਊਂਡ ਟ੍ਰਿਪ ਲਈ 325 ਰੁਪਏ ਸੀ ਤੇ ਮਹੀਨਾਵਾਰ ਪਾਸ 7175 ਰੁਪਏ ਸੀ। ਹੁਣ ਨਵੀਂ ਦਰ ਵਿੱਚ ਇੱਕ ਤਰਫਾ ਕਿਰਾਇਆ 220 ਰੁਪਏ ਅਤੇ ਰਾਊਂਡ ਟ੍ਰਿਪ 330 ਰੁਪਏ ਅਤੇ ਮਹੀਨਾਵਾਰ ਪਾਸ 7360 ਰੁਪਏ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਇਸ ਨੂੰ ਲੈ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।