ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਰਦਾਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਉਪਰਾਲੇ ਕੀਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ 31 ਮਾਰਚ ਤੋਂ ਪਹਿਲਾਂ ਪਾਸ ਕਰਨਾ ਜ਼ਰੂਰੀ ਹੈ। ਸੱਤ ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਬਜਟ ਸਬੰਧੀ ਮੀਟਿੰਗ ਤੈਅ ਕਰਨ ਦਾ ਫੈਸਲਾ ਹੋਵੇਗਾ। ਨਿਯਮਾਂ ਮੁਤਾਬਕ ਬਜਟ ਸਬੰਧੀ ਜਨਰਲ ਇਜਲਾਸ 21 ਦਿਨ ਦੇ ਵਕਫੇ ’ਤੇ ਸੱਦਿਆ ਜਾਵੇਗਾ। ਬਜਟ ਇਜਲਾਸ ਮਾਰਚ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਹੋਣ ਦੀ ਸੰਭਾਵਨਾ ਹੈ।