ਪ੍ਰਧਾਨਗੀ ਦੇ ਅਸਤੀਫ਼ੇ ਤੋਂ ਬਾਅਦ ਹਰਜਿੰਦਰ ਧਾਮੀ ਦਾ ਵੱਡਾ ਬਿਆਨ….

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨ ਵੀਰਵਾਰ ਨੂੰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਕਿ ਉਹ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ ਅਤੇ ਉਹ ਆਪਣੇ ਫੈਸਲੇ ‘ਤੇ ਕਾਇਮ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਕਿਸੇ ਵੀ ਹਾਲਤ ਵਿਚ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ।

ਹਰਜਿੰਦਰ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮ ਹੁਣ ਕਾਰਜ ਸੰਮਤੀ (ਵਰਕਿੰਗ ਕਮੇਟੀ) ਅਤੇ ਸਬੰਧਤ ਕਮੇਟੀਆਂ ਵੱਲੋਂ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਗੇ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਾ ਅਤੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਮਿਲਣਾ ਰੁਟੀਨ ਪ੍ਰਕਿਰਿਆ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ ਤਾਂ ਉਹ ਜਥੇਦਾਰ ਸਾਹਿਬ ਨੂੰ ਮਿਲਦੇ ਹਨ ਅਤੇ ਧਾਰਮਿਕ ਅਤੇ ਭਾਈਚਾਰਕ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਦੇ ਹਨ।

ਦਸ ਦਈਏ ਕਿ ਐਡਵੋਕੇਟ ਧਾਮੀ ਨੂੰ ਮਨਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਫਿਰ ਵੀ ਉਹ ਆਪਣਾ ਅਸਤੀਫਾ ਵਾਪਸ ਲੈਣ ਲਈ ਤਿਆਰ ਨਹੀਂ ਹਨ। ਧਾਮੀ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਵਰਕਿੰਗ ਕਮੇਟੀ ਮੈਂਬਰ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਪੁੱਜੇ ਹੋਏ ਸਨ। ਪਰ ਉਹ ਸਹਿਮਤ ਨਹੀਂ ਹੋਏ ਅਤੇ ਆਪਣਾ ਅਸਤੀਫਾ ਵਾਪਸ ਨਾ ਲੈਣ ‘ਤੇ ਅੜੇ ਰਹੇ।

Advertisement