ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਸ ਦੇਈਏ ਕਿ ਦੇਸ਼ ਭਰ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 2-2 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ। ਇਹ ਨਵੀਆਂ ਕੀਮਤਾਂ ਸਵੇਰੇ 6 ਵਜੇ ਦੇਸ਼ ਭਰ ’ਚ ਲਾਗੂ ਹੋਣਗੀਆਂ। ਇਸ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਸ ਸਬੰਧ ਵਿੱਚ ਇੱਕ ਟਵੀਟ ਵਿੱਚ ਕੇਂਦਰੀ ਮੰਤਰੀ ਨੇ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਉਪਲਬਧਤਾ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਵੇਂ ਜਦੋਂ ਦੁਨੀਆ ਔਖੇ ਦੌਰ ‘ਚੋਂ ਗੁਜ਼ਰ ਰਹੀ ਸੀ ਤਾਂ ਵਿਕਸਿਤ ਅਤੇ ਵਿਕਾਸਸ਼ੀਲ ਦੇਸ਼ਾਂ ‘ਚ ਪੈਟਰੋਲ ਦੀਆਂ ਕੀਮਤਾਂ ‘ਚ 50-72 ਫੀਸਦੀ ਤੱਕ ਦਾ ਵਾਧਾ ਹੋਇਆ। ਭਾਰਤ ਦੇ ਆਸ-ਪਾਸ ਕਈ ਦੇਸ਼ਾਂ ਵਿੱਚ ਪੈਟਰੋਲ ਮਿਲਣਾ ਬੰਦ ਹੋ ਗਿਆ ਹੈ। 1973 ਤੋਂ ਬਾਅਦ 50 ਸਾਲਾਂ ਵਿੱਚ ਸਭ ਤੋਂ ਵੱਡੇ ਤੇਲ ਸੰਕਟ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਕਾਰਨ ਪਿਛਲੇ ਢਾਈ ਸਾਲਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 4.65 ਫੀਸਦੀ ਦੀ ਕਮੀ ਆਈ ਹੈ।