ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ

ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਸਾਰੀਆਂ ਪਾਰਟੀਆਂ ਵੱਲੋਂ ਜੋਰਾਂ-ਸ਼ੋਰਾਂ ਨਾਲ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਦਰਅਸਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਬੰਧੀ ਹਾਲੇ ਗੱਲਬਾਤ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ NDA ਦੇ ਸਾਰੇ ਸਹਿਯੋਗੀ ਇਕੱਠੇ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਗੱਲਬਾਤ ਜਾਰੀ ਹੈ । ਅਮਿਤ ਸ਼ਾਹ ਨੇ ਕਿਹਾ ਕਿ 2-3 ਦਿਨ ਵਿੱਚ ਇਸ ਬਾਰੇ ਸਥਿਤੀ ਸਪੱਸ਼ਟ ਹੋਵੇਗੀ।

ਦਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਇਨ੍ਹਾਂ ਚੋਣਾਂ ਵਿੱਚ ਇੱਕ ਟਿਕਟ ਮਿਲਣੀ ਤੈਅ ਮੰਨੀ ਜਾ ਰਹੀ ਹੈ। ਕੈਪਟਨ ਪਹਿਲਾਂ ਹੀ ਚੋਣਾਂ ਲੜਨ ਤੋਂ ਇਨਕਾਰ ਕਰ ਚੁੱਕੇ ਹਨ। ਉੱਥੇ ਹੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਪਿਛਲੇ ਦਿਨੀਂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਉਹ ਪਟਿਆਲਾ ਤੋਂ ਉਮੀਦਵਾਰ ਹੋ ਸਕਦੇ ਹਨ। ਉੱਥੇ ਹੀ ਬੀਤੇ ਦਿਨ IFS ਤਰਨਜੀਤ ਸਿੰਘ ਸੰਧੂ ਨੇ ਵੀ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਜਿਸ ਕਾਰਣ ਮੰਨਿਆ ਜਾ ਰਿਹਾ ਹੈ ਕਿ ਉਹ ਅੰਮ੍ਰਿਤਸਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।

Advertisement