ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰ ਲਏ ਜਾਣ ਤੋਂ ਬਾਅਦ ‘ਆਪ’ ਅਤੇ ਦਿੱਲੀ ਸਰਕਾਰ ਅੱਗੇ ਲੀਡਰਸ਼ਿਪ ਦਾ ਸਵਾਲ ਖੜ੍ਹਾ ਹੋ ਗਿਆ ਹੈ ਕਿ ਹੁਣ ਉਨ੍ਹਾਂ ਦੀ ਥਾਂ ਦਿੱਲੀ ਦਾ ਮੁੱਖ ਮੰਤਰੀ ਕੌਣ ਹੋਵੇਗਾ? ਇਸ ਸਬੰਧ ਵਿਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਕੈਬਨਿਟ ਮੰਤਰੀਆਂ ਆਤਿਸ਼ੀ ਤੇ ਸੌਰਭ ਭਾਰਦਵਾਜ ਦੇ ਨਾਂ ਲਏ ਜਾ ਰਹੇ ਹਨ। ਹਾਲਾਂਕਿ ਹੁਣ ਆਪ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਕੇਜਰੀਵਾਲ ਹੀ ਰਹਿਣਗੇ। ਫਿਲਹਾਲ ਉਹ ਅਸਤੀਫਾ ਨਹੀਂ ਦੇਣਗੇ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਰਾਜਨੀਤਕ ਟੀਮ ਈਡੀ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ ਹੈ। ‘ਐਕਸ’ ਉੱਤੇ ਪੋਸਟ ’ਚ ਮਾਨ ਨੇ ਕਿਹਾ, ‘‘ ਆਪ ਹੀ ਅਜਿਹੀ ਪਾਰਟੀ ਹੈ ਜੋ ਭਾਜਪਾ ਨੂੰ ਰੋਕ ਸਕਦੀ ਹੈ। ਇਸੇ ਕਰ ਕੇ ਭਾਜਪਾ ਵੱਲੋਂ ਜਾਣਬੁੱਝ ਕੇ ਕੇਜਰੀਵਾਲ ਸਣੇ ਹੋਰ ਆਗੂਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਹਿੱਤ ਲਈ ਕੰਮ ਕਰ ਰਹੀ ਹੈ ਅਤੇ ਹਰ ਸਮੇਂ ਲੋਕ ਹਿੱਤ ਵਿੱਚ ਹੀ ਸੋਚਦੀ ਹੈ।
ਦਸ ਦੇਈਏ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ‘ਆਪ’ ਨੇ ਵੱਡਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਅੱਜ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰੇਗੀ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਇਹ ਐਲਾਨ ਕੀਤਾ ਹੈ। ਇਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਰਵਾਨਾ ਹੋ ਗਏ ਹਨ। ਜਾਣਕਾਰੀ ਮਿਲੀ ਹੈ ਕਿ ਉਹ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਹਨ।