ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ। ਦਰਅਸਲ, ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਿਸੋਦੀਆ ਦੀ ਹਿਰਾਸਤ ਅੱਜ (6 ਅਪ੍ਰੈਲ) ਨੂੰ ਖ਼ਤਮ ਹੋ ਰਹੀ ਹੈ। ਇਸ ਕਾਰਨ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਇਸ ਤੋਂ ਇਲਾਵਾ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 2 ਅਪ੍ਰੈਲ ਨੂੰ ਸੁਣਵਾਈ ਹੋਈ ਸੀ।
ਇਸ ਤੋਂ ਪਹਿਲਾਂ ਕੱਲ੍ਹ ਤਿਹਾੜ ਜੇਲ੍ਹ ਤੋਂ ਮਨੀਸ਼ ਸਿਸੋਦੀਆ ਵੱਲੋਂ ਲਿਖੀ ਗਈ ਚਿੱਠੀ ਸਾਹਮਣੇ ਆਈ ਸੀ। ਇਸ ਵਿੱਚ ਉਨ੍ਹਾਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਕਿਹਾ ਸੀ ਕਿ ਉਹ ਜਲਦੀ ਹੀ ਬਾਹਰ ਮੀਟਿੰਗ ਕਰਨਗੇ। ਸਿਸੋਦੀਆ ਸ਼ਰਾਬ ਨੀਤੀ ਮਾਮਲੇ ਵਿੱਚ 26 ਫਰਵਰੀ 2023 ਤੋਂ ਜੇਲ੍ਹ ਵਿੱਚ ਹਨ। ਫਿਲਹਾਲ ਉਹ ਤਿਹਾੜ ‘ਚ ਬੰਦ ਹਨ।
ਸੀ.ਬੀ.ਆਈ. ਅਤੇ ਈ.ਡੀ. ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਆਬਕਾਰੀ ਨੀਤੀ ਵਿੱਚ ਸੁਧਾਰ ਕਰਨ ਦੌਰਾਨ ਬੇਨਿਯਮੀਆਂ ਹੋਈਆਂ, ਲਾਇਸੈਂਸ ਧਾਰਕਾਂ ਨੂੰ ਗੈਰ-ਕਾਨੂੰਨੀ ਲਾਭ ਦਿੱਤਾ ਗਿਆ, ਲਾਇਸੈਂਸ ਫੀਸਾਂ ਨੂੰ ਮੁਆਫ ਕਰਨ ਜਾਂ ਘਟਾਉਣ ਅਤੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ‘ਤੋਂ ਬਿਨ੍ਹਾਂ ਲਾਇਸੈਂਸ ਦਿੱਤੇ ਗਏ।