ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ ਲਗਾਤਾਰ ਜਾਰੀ ਹੈ। ਇਸ ਦੌਰਾਨ ਹੀ ਹੁਣ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਰਕਿੰਗ ਪ੍ਰਧਾਨ ਖ਼ਿਲਾਫ਼ ਲੁਧਿਆਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦਰਅਸਲ ਗੋਪਾਲ ਨਗਰ ਟਿੱਬਾ ਰੋਡ ਦੇ ਰਹਿਣ ਵਾਲੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਸੰਧੂ ‘ਤੇ ਐੱਲ.ਐੱਲ.ਬੀ ਕਰਨ ਲਈ 12ਵੀਂ ਜਮਾਤ ਦਾ ਜਾਅਲੀ ਸਰਟੀਫਿਕੇਟ ਵਰਤਣ ਦਾ ਦੋਸ਼ ਹੈ। ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਸੰਧੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ‘ਆਪ’ ਆਗੂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਪਰਮਿੰਦਰ ਸੰਧੂ ਦੇ ‘ਆਪ’ ਦੇ ਸੀਨੀਅਰ ਆਗੂਆਂ ਅਤੇ ਕਈ ਬੋਰਡਾਂ ਦੇ ਚੇਅਰਮੈਨਾਂ ਨਾਲ ਨਜ਼ਦੀਕੀ ਸਬੰਧ ਹਨ। ਦੱਸ ਦੇਈਏ ਕਿ ਸੰਧੂ ਇਸ ਤੋਂ ਪਹਿਲਾਂ ਅਕਾਲੀ ਦਲ (ਬਾਦਲ) ਵਿੱਚ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਸੰਧੂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਪਰਮਿੰਦਰ ਸਿੰਘ ਆਪਣੇ ਖਿਲਾਫ ਦਰਜ ਐਫਆਈਆਰ ਵਿੱਚ ਖੁਦ ਫਸਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ 2022 ਵਿੱਚ ਪਰਮਿੰਦਰ ਸਿੰਘ ਸੰਧੂ ਨੇ ਖੁਦ ਥਾਣਾ ਡਿਵੀਜ਼ਨ ਨੰਬਰ 5 ਵਿੱਚ ਐਫਆਈਆਰ ਦਰਜ ਕਰਵਾਈ ਸੀ ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਐਡਵੋਕੇਟ ਦੀਪਕ ਨੇ ਉਸ ਨੂੰ ਆਪਣੀ ਲਾਅ ਪ੍ਰੈਕਟਿਸ (ਐਲਐਲਬੀ) ਲਈ ਜਾਅਲੀ ਲਾਇਸੈਂਸ ਮੁਹੱਈਆ ਕਰਵਾਇਆ ਸੀ। ਪਰ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਸੰਧੂ ਵੱਲੋਂ ਪੇਸ਼ ਕੀਤਾ ਗਿਆ 12ਵੀਂ ਜਮਾਤ ਦਾ ਸਰਟੀਫਿਕੇਟ ਜਾਅਲੀ ਸੀ। ਇਸ ਕਾਰਨ ਪੁਲਿਸ ਨੇ ਪਰਮਿੰਦਰ ਸਿੰਘ ਸੰਧੂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਹੈ, ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।