ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ‘ਚ ਸਾਕਾ ਨੀਲਾ ਤਾਰਾ ਦੀ 40ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਦੇ ਲਈ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਿੱਖ ਭਾਈਚਾਰੇ ਦਾ ਵੱਡਾ ਇਕੱਠ ਹੋਇਆ ਹੈ। ਇਸ ਦੌਰਾਨ ਭੀੜ ਨੇ ਹੱਥਾਂ ਵਿੱਚ ਨੰਗੀਆਂ ਤਲਵਾਰਾਂ ਲੈ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇੱਥੇ ਪੁੱਜੀ ਭੀੜ ਨੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਫੜੇ ਹੋਏ ਸਨ।
ਪੰਜਾਬ ‘ਚ 2 ਦਿਨ ਪਹਿਲਾਂ ਐਲਾਨੇ ਗਏ ਲੋਕ ਸਭਾ ਚੋਣ ਨਤੀਜਿਆਂ ‘ਚ 2 ਗਰਮਖਿਆਲੀ ਰਿਕਾਰਡ ਵੋਟਾਂ ਨਾਲ ਜਿੱਤੇ। ਇਨ੍ਹਾਂ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸੁਰੱਖਿਆ ਗਾਰਡ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖਾਲਸਾ ਸ਼ਾਮਲ ਹਨ। ਹਰਿਮੰਦਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮ ਵਿਚ ਅੰਮ੍ਰਿਤਪਾਲ ਦੀ ਮਾਤਾ ਅਤੇ ਫਰੀਦਕੋਟ ਤੋਂ ਚੁਣੇ ਗਏ ਸੰਸਦ ਮੈਂਬਰ ਸਰਬਜੀਤ ਖਾਲਸਾ ਨੇ ਵੀ ਸ਼ਿਰਕਤ ਕੀਤੀ। ਭਾਵੇਂ ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਪਹਿਲਾਂ ਹੀ ਉਥੋਂ ਰਵਾਨਾ ਹੋ ਗਈ ਸੀ ਪਰ ਨਵੇਂ ਸੰਸਦ ਮੈਂਬਰ ਖਾਲਸਾ ਅਜੇ ਵੀ ਹਰਿਮੰਦਰ ਸਾਹਿਬ ਵਿਖੇ ਮੌਜੂਦ ਹਨ।
ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਪੁਲਿਸ ਤੋਂ ਇਲਾਵਾ ਕੇਂਦਰੀ ਏਜੰਸੀਆਂ ਵੀ ਚੌਕਸ ਹਨ। ਹਰਿਮੰਦਰ ਸਾਹਿਬ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਤੋਂ ਇਲਾਵਾ ਬਠਿੰਡਾ ਦੇ ਤਲਵੰਡੀ ਸਾਬੋ ‘ਚ ਵੀ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਹਾਲਾਂਕਿ ਫਿਲਹਾਲ ਕਿਧਰੋਂ ਵੀ ਕਿਸੇ ਵੱਡੀ ਘਟਨਾ ਦੀ ਖ਼ਬਰ ਨਹੀਂ ਹੈ।