SGPC ਨੂੰ ਇਕ ਹੋਰ ਝਟਕਾ, ਇਆਲੀ ਨੇ ਪਾਰਟੀ ਤੋਂ ਕੀਤਾ ਮਨ੍ਹਾਂ

ਸ਼੍ਰੋਮਣੀ ਅਕਾਲੀ ਦਲ ਦੇ ਮਾਲਵੇ ਵਿੱਚੋਂ ਇਕਲੌਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਨੇ ਹੁਣ ਸਾਫ ਆਖ ਦਿੱਤਾ ਹੈ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਗੇ।

ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਪੋਸਟ ਪਾ ਕੇ ਲਿਖਿਆ ਹੈ- ‘‘ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ। ਜਿਸ ਕਾਰਨ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਲੈ ਕੇ ਮੌਜੂਦਾ ਲੋਕ ਸਭਾ ਚੋਣਾਂ ਵਿੱਚ ਜਿਆਦਾਤਰ ਹਲਕਿਆਂ ਅੰਦਰ ਉਮੀਦਵਾਰਾਂ ਨੂੰ ਜਮਾਨਤਾਂ ਜਬਤ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ।’’

ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਹੈ ਕਿ ਸੂਬੇ ਅੰਦਰ ਲਗਾਤਾਰ 10 ਸਾਲ ਦੇ ਰਾਜ ਤੋਂ ਬਾਅਦ ਪਾਰਟੀ ਲੋਕ ਭਾਵਨਾਵਾਂ ਦੇ ਉਲਟ ਲਗਾਤਾਰ ਗਲਤ ਫੈਸਲੇ ਲੈਂਦੀ ਰਹੀ ਅਤੇ ਰਾਸ਼ਟਰਪਤੀ ਦੀ ਚੋਣ ਸਮੇਂ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪਾਰਟੀ ਵੱਲੋਂ ਗਲਤ ਫੈਸਲਾ ਲਿਆ ਗਿਆ, ਜਿਸ ਦਾ ਮੇਰੇ ਵੱਲੋਂ ਕਿਸਾਨਾਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਚੋਣ ਦਾ ਬਾਈਕਾਟ ਕਰਕੇ ਸਖਤ ਵਿਰੋਧ ਵੀ ਦਰਜ ਕਰਵਾਇਆ ਗਿਆ।

Advertisement