ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਕਸ਼ਨ! 2 ਆਗੂਆਂ ਨੂੰ ਕੀਤਾ ਬਰਖ਼ਾਸਤ 

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਵੱਡੀ ਕਾਰਵਾਈ ਕੀਤੀ ਹੈ। ਜਿਸ ਤਹਿਤ ਕਾਂਗਰਸ ਪਾਰਟੀ ਨੇ ਆਪਣੇ ਦੋ ਆਗੂਆਂ ਨੂੰ ਛੇ ਸਾਲਾਂ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਜਾ ਰਿਹਾ ਹੈ। ਦੋਵੇਂ ਆਗੂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਸੰਪਰਕ ਵਿੱਚ ਸਨ ਅਤੇ ਅਕਾਲੀ ਦਲ ਤੋਂ ਟਿਕਟ ਦੀ ਮੰਗ ਕਰ ਰਹੇ ਸਨ। ਜਦੋਂ ਕਾਂਗਰਸ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਇਹਨਾਂ ਖਿਲਾਫ਼ ਕਾਰਵਾਈ ਕੀਤੀ।

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਮ ‘ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੋਹਰ ਲਗਾਈ। ਜਲੰਧਰ ਪੱਛਮੀ ਦੀ ਉਪ ਚੋਣ ਲਈ ਹੁਣ ਤੱਕ ਕੁੱਲ ਇਹੋ 3 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।   ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਤੋਂ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।

ਇਸ ਸੀਟ ‘ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣੀ ਹੈ ਅਤੇ ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ 21 ਜੂਨ ਹੈ। ਇਹ ਸੀਟ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਕਾਰਨ ਖ਼ਾਲੀ ਹੋਈ ਹੈ। ਸ਼ੀਤਲ ਅੰਗੁਰਾਲ ਫ਼ਿਲਹਾਲ ਭਾਜਪਾ ‘ਚ ਹਨ। 

Advertisement