ਹੁਣ ਫਿਲਮਾਂ ਅਤੇ ਸੀਰੀਅਲਸ ਵਿੱਚ ਨਹੀਂ ਦਿਖਾਏ ਜਾਣਗੇ ਵਿਆਹਾਂ ਦੇ ਸੀਨ!

 ਹੁਣ ਲੋਕ ਫਿਲਮਾਂ ਅਤੇ ਟੀਵੀ ਸੀਰੀਅਲਸ ਵਿੱਚ ਆਨੰਦ ਕਾਰਜ ਦੇ ਸੀਨ ਨਹੀਂ ਦੇਖ ਸਕਣਗੇ। ਇਹ ਸੀਨ ਇੱਕ ਫਰਜ਼ੀ ਗੁਰਦੁਆਰਾ ਸਾਹਿਬ ਵਿੱਚ ਸ਼ੂਟ ਕੀਤੇ ਜਾਂਦੇ ਸਨ ਪਰ ਮੋਹਾਲੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਨੂੰ ਗਲਤ ਕਰਾਰ ਦਿੱਤਾ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਤੋਂ ਰਿਪੋਰਟ ਮੰਗੀ ਹੈ। ਜਿਸ ਤੋਂ ਬਾਅਦ ਇਸ ਸਬੰਧੀ ਅਕਾਲ ਤਖ਼ਤ ਤੋਂ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਮੈਰਿਜ ਪੈਲੇਸਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਜਾਣ ‘ਤੇ ਪਾਬੰਦੀ ਲਾਈ ਸੀ।

ਹਾਲ ਹੀ ਵਿੱਚ ਮੋਹਾਲੀ ਵਿੱਚ ਪੰਜਾਬੀ ਟੀਵੀ ਸੀਰੀਅਲ ਉਡਾਰੀਆਂ ਦੀ ਸ਼ੂਟਿੰਗ ਚੱਲ ਰਹੀ ਹੈ। ਇਸ ਵਿੱਚ ਨਕਲੀ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿਵੇਂ ਹੀ ਨਿਹੰਗਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ ਅਤੇ ਸ਼ੂਟਿੰਗ ਬੰਦ ਕਰਵਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਉੱਥੇ ਆ ਕੇ ਮਾਮਲਾ ਸ਼ਾਂਤ ਕਰਵਾਇਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੋਹਾਲੀ ਦੇ ਘੜੂੰਆਂ ‘ਚ ਸੀਰੀਅਲ ਦੀ ਸ਼ੂਟਿੰਗ ਦੌਰਾਨ ਨਕਲੀ ਗੁਰਦੁਆਰਾ ਸਾਹਿਬ ‘ਚ ਹੋਏ ਅਨੰਦ ਕਾਰਜ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਫਿਲਮ ਇੰਡਸਟਰੀ ਵਿੱਚ ਲੋਕ ਆਪਣੇ ਕਾਰੋਬਾਰ ਨੂੰ ਮੁੱਖ ਪਹਿਲ ਦੇ ਕੇ ਸਿੱਖ ਰਵਾਇਤਾਂ ਨਾਲ ਖਿਲਵਾੜ ਕਰ ਰਹੇ ਹਨ। ਜੇਕਰ ਉਹ ਇਨ੍ਹਾਂ ਗਤੀਵਿਧੀਆਂ ਤੋਂ ਗੁਰੇਜ਼ ਨਹੀਂ ਕਰਦੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਪਵੇਗੀ।

Advertisement