ਜਲੰਧਰ ਪੱਛਮੀ ਤੋਂ ਚੁਣੇ ਗਏ ‘AAP’ ਵਿਧਾਇਕ ਮੋਹਿੰਦਰ ਭਗਤ ਅੱਜ ਚੁੱਕਣਗੇ ਸਹੁੰ

ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤੇ ‘ਆਪ’ ਵਿਧਾਇਕ ਮੋਹਿੰਦਰ ਭਗਤ ਅੱਜ ਬੁੱਧਵਾਰ ਨੂੰ ਵਿਧਾਨ ਸਭਾ ‘ਚ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੁਪਹਿਰ 3 ਵਜੇ ਨਵੇਂ ਵਿਧਾਇਕ ਨੂੰ ਵਿਧਾਨ ਸਭਾ ਕੰਪਲੈਕਸ ਵਿਚ ਸਹੁੰ ਚੁਕਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੀ ਜ਼ਿਮਨੀ ਚੋਣ ਵੱਕਾਰ ਦਾ ਸੁਆਲ ਬਣਾ ਕੇ ਲੜੀ ਸੀ ਅਤੇ ਇਹ ਸੀਟ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ‘ਆਪ’ ਦੀ ਝੋਲੀ ਪਈ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ। ਮੁੱਖ ਮੰਤਰੀ ਨੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਮੋਹਿੰਦਰ ਭਗਤ ਦੇ ਜਿੱਤਣ ਦੀ ਸੂਰਤ ਵਿਚ ਉਨ੍ਹਾਂ ਨੂੰ ਮੰਤਰੀ ਬਣਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਭਾਜਪਾ ਨੇ ਮੋਹਿੰਦਰ ਭਗਤ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਸੀ, ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਹ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਤੀ ਸਮੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਇਸ ਵਿਧਾਨ ਸਭਾ ਸੀਟ ‘ਤੇ ਉਤਾਰਿਆ ਸੀ ਤੇ ਉਹਨਾਂ ਦੀ ਵੱਡੀ ਜਿੱਤ ਹੋਈ ਹੈ।

Advertisement