ਪੰਜਾਬ ਦੇ ਰਾਜਪਾਲ ਅੱਜ ਤੋਂ ਕਰਨਗੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅੱਜ (ਮੰਗਲਵਾਰ) ਤੋਂ 25 ਜੁਲਾਈ ਤੱਕ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੀ ਸ਼ੁਰੂਆਤ ਉਹ ਪਠਾਨਕੋਟ ਜ਼ਿਲ੍ਹੇ ਤੋਂ ਕਰਨਗੇ। ਇਸ ਦੌਰਾਨ ਉਹ ਬਮਿਆਲ ਵਿੱਚ ਗ੍ਰਾਮ ਸੁਰੱਖਿਆ ਕਮੇਟੀਆਂ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਉਹ ਸਰਹੱਦੀ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ। ਸਾਰੇ ਜ਼ਿਲ੍ਹਿਆਂ ਵਿੱਚ ਦੌਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਸਮੇਤ ਜ਼ਿਲ੍ਹੇ ਦੇ ਸਾਰੇ ਸੀਨੀਅਰ ਅਧਿਕਾਰੀ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਨਾਲ ਮੌਜੂਦ ਰਹਿਣਗੇ। ਰਾਜਪਾਲ ਸਰਹੱਦੀ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਬਹੁਤ ਗੰਭੀਰ ਹਨ। ਉਹ ਪਹਿਲਾਂ ਵੀ 5 ਵਾਰ ਸਰਹੱਦੀ ਇਲਾਕਿਆਂ ਦਾ ਦੌਰਾ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਹਾਲੀਆ ਦੌਰਿਆਂ ਦੌਰਾਨ ਨਸ਼ਾਖੋਰੀ, ਨਾਜਾਇਜ਼ ਮਾਈਨਿੰਗ ਸਮੇਤ ਕਈ ਮੁੱਦੇ ਉਠਾ ਕੇ ਸਰਕਾਰ ਨੂੰ ਘੇਰਿਆ ਸੀ।

Punjab Governor, Banwari Lal Purohit. Tribune photo

ਰਾਜਪਾਲ ਬਨਵਾਰੀਲਾਲ ਪੁਰੋਹਿਤ 23 ਜੁਲਾਈ ਨੂੰ ਪਹਿਲਾਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਤੋਂ ਬਾਅਦ ਉਹ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਬਲਾਕ ਬਮਿਆਲ ਅਧੀਨ ਪੈਂਦੇ ਪਿੰਡ ਚੱਕ ਅਮੀਰ ਵਿਸ਼ੇਸ਼ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਗੁਰਦਾਸਪੁਰ ਜਾਣਗੇ।

ਰਾਜਪਾਲ ਪੁਰੋਹਿਤ 25 ਜੁਲਾਈ ਨੂੰ ਫਿਰੋਜ਼ਪੁਰ ਦਾ ਦੌਰਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆਂ ਸਬੰਧੀ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ, ਪੀ. ਡਬਲਯੂ. ਡੀ. ਆਦਿ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Advertisement